ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਤੋਂ ਬਾਅਦ, ਦਿੱਲੀ ਦੇ ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉੱਤਰ ਪੂਰਬੀ ਦਿੱਲੀ, ਸ਼ਾਹੀਨ ਬਾਗ, ਜਾਮੀਆ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਹਿੱਸਿਆਂ ‘ਚ ਪੁਲਸ ਅਤੇ ਨੀਮ ਫੌਜੀ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ, ਜਦਕਿ ਕੁਝ ਇਲਾਕਿਆਂ ‘ਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।
ਉੱਤਰ ਪੂਰਬੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਜੋਏ ਟਿਰਕੀ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਸੁਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਨਾਗਰਿਕਾਂ ਦੀ ਸੁਰੱਖਿਆ ਲਈ ਉੱਤਰ ਪੂਰਬੀ ਜ਼ਿਲ੍ਹੇ ਦੇ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਵੱਲੋਂ ਤਿੱਖੀ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਸਾਰਿਆਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਿਸੇ ਤਰ੍ਹਾਂ ਦੀ ਅਫਵਾਹ ਨਾ ਫੈਲਾਉਣ ਦੀ ਅਪੀਲ ਕੀਤੀ ਜਾਂਦੀ ਹੈ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਦਿੱਲੀ ਪੁਲਿਸ ਦੀ ਸਾਈਬਰ ਯੂਨਿਟ ਭੜਕਾਊ ਪੋਸਟਾਂ ਅਤੇ ਅਫਵਾਹਾਂ ਨੂੰ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ । 2020 ਵਿੱਚ, ਦਿੱਲੀ ਵਿੱਚ ਨਾਗਰਿਕਤਾ (ਸੋਧ) ਕਾਨੂੰਨ (CAA) ਅਤੇ NRC (ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼) ਨੂੰ ਲੈ ਕੇ ਫਿਰਕੂ ਦੰਗੇ ਹੋਏ, ਜਿਸ ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ 53 ਲੋਕਾਂ ਦੀ ਮੌਤ ਹੋ ਗਈ ਅਤੇ 500 ਤੋਂ ਵੱਧ ਜ਼ਖਮੀ ਹੋਏ। ਪੁਲਿਸ ਮੁਤਾਬਕ ਉੱਤਰ-ਪੂਰਬੀ ਜ਼ਿਲ੍ਹੇ ਵਿੱਚ 43 ਹੌਟ ਸਪਾਟ ਦੀ ਪਛਾਣ ਕੀਤੀ ਗਈ ਹੈ। ਜਿੱਥੇ ਪੈਦਲ ਗਸ਼ਤ ਕੀਤੀ ਜਾ ਰਹੀ ਹੈ। ਇਨ੍ਹਾਂ ਖੇਤਰਾਂ ਵਿੱਚ ਸੀਲਮਪੁਰ, ਜਾਫਰਾਬਾਦ, ਮੁਸਤਫਾਬਾਦ, ਭਜਨਪੁਰਾ, ਖਜੂਰੀ ਖਾਸ ਅਤੇ ਸੀਮਾਪੁਰੀ ਸ਼ਾਮਲ ਹਨ।
ਡੀਸੀਪੀ ਨੌਰਥ ਈਸਟ ਜੋਏ ਟਿਰਕੀ ਨੇ ਕਿਹਾ ਕਿ ਅਸੀਂ ਅਰਧ ਸੈਨਿਕ ਬਲਾਂ ਦੀ ਰਾਤ ਦੀ ਨਿਗਰਾਨੀ ਵਧਾ ਦਿੱਤੀ ਹੈ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਸ਼ਾਂਤੀ ਕਮੇਟੀ ਦੇ ਮੈਂਬਰਾਂ ਨਾਲ ਲਗਭਗ 29 ਮੀਟਿੰਗਾਂ ਕੀਤੀਆਂ ਹਨ ਤਾਂ ਜੋ ਲੋਕ “ਅਫਵਾਹਾਂ ਦਾ ਸ਼ਿਕਾਰ ਨਾ ਹੋਣ। ਅਧਿਕਾਰੀ ਨੇ ਕਿਹਾ ਕਿ ਸ਼ਾਹੀਨ ਬਾਗ ਅਤੇ ਜਾਮੀਆ ਨਗਰ ਵਿੱਚ ਵੀ ਨੀਮ ਫੌਜੀ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ, ਜੋ ਕਿ CAA ਅਤੇ NRC ਵਿਰੋਧੀ ਪ੍ਰਦਰਸ਼ਨਾਂ ਦਾ ਕੇਂਦਰ ਸਨ। ਦੱਖਣ-ਪੂਰਬੀ ਦਿੱਲੀ ਵਿੱਚ, ਨੀਮ ਫੌਜੀ ਬਲਾਂ ਨੇ ਫਲੈਗ ਮਾਰਚ ਕੱਢਿਆ ਅਤੇ ਸਥਾਨਕ ਪੁਲਿਸ ਨੇ ਸਾਈਕਲਾਂ ‘ਤੇ ਗਸ਼ਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ CAA ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .