ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ‘ਤੇ ਸੁਨੀਲ ਜਾਖੜ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੀ ਮੌਤ ਕਿਵੇਂ ਹੋਈ ਹੈ। ਨਾਲ ਹੀ ਸੁਨੀਲ ਜਾਖੜ ਨੇ ਸ਼ੁਭਕਰਨ ਦੇ ਪਰਿਵਾਰ ਵਾਲਿਆਂ ਨਾਲ ਵੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਸਾਰਾ ਪਰਿਵਾਰ ਸ਼ੁਭਕਰਨ ਦੇ ਪਰਿਵਾਰ ਨਾਲ ਖੜ੍ਹਾ ਹੈ।
ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਤੇ ਸੱਚ ਲੋਕਾਂ ਦੇ ਸਾਹਮਣੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੁਰਜੀਤ ਜਿਆਣੀ ਵੱਲੋਂ ਵੀ ਬਿਆਨ ਦਿੱਤਾ ਗਿਆ ਸੀ ਕਿ ਆਖਿਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਕਿਉਂ ਨਹੀਂ ਮਿਲ ਰਹੇ ਹਨ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਤੇ ਉਸ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਹੀਂ ਰੁਲਣਾ ਚਾਹੀਦਾ।
ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਤੇ ਅਜਿਹੇ ਵਿਚ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਕਾਂਗਰਸ ਵੱਲੋਂ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ ਕਿ ਭਾਜਪਾ ਨੂੰ ਸ਼ੁਭਕਰਨ ਦੇ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਤੇ ਅਜਿਹੇ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਕਾਫੀ ਮਾਇਨੇ ਰੱਖਦਾ ਹੈ।