ਦਿੱਲੀ ‘ਚ ਹੋਣ ਜਾ ਰਹੇ ਜੀ-20 ਸੰਮੇਲਨ ਦੇ ਵਿਰੋਧ ‘ਚ ਅੱਜ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਖਿਲਾਫ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ। ਪੰਜਾਬ ‘ਚ 90 ਥਾਵਾਂ ‘ਤੇ ਪੁਤਲੇ ਫੂਕੇ ਜਾ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਕਾਨਫ਼ਰੰਸ ਵਿਚ ਹਿੱਸਾ ਲੈਣ ਵਾਲੀਆਂ ਕੌਮਾਂ ਜਿਨ੍ਹਾਂ ਦਾ ਵਿਸ਼ਵ ਦੇ 75 ਫ਼ੀਸਦੀ ਆਰਥਿਕ ਵਸੀਲਿਆਂ ‘ਤੇ ਕਬਜ਼ਾ ਹੈ, ਉਹ ਭਾਰਤ ‘ਤੇ ਵੀ ਹਵਾਈ ਮਾਰਗਾਂ ਤੋਂ ਲੈ ਕੇ ਸਮੁੰਦਰੀ ਮਾਰਗਾਂ, ਪਾਣੀ, ਮਾਈਨਿੰਗ ਆਦਿ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ. ਟੈਲੀਕਾਮ, ਰੇਲਵੇ ਪਹਿਲਾਂ ਹੀ ਵੇਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਰਨ ਹੋਣ ਜਾ ਰਿਹਾ ਹੈ। ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਵਿਰੋਧੀ ਹਨ। ਇਸੇ ਕਰਕੇ ਅੱਜ ਜੀ-20 ਸੰਮੇਲਨ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਕਿਸਾਨ ਅੰਦੋਲਨ ਹੋਇਆ ਸੀ ਤਾਂ ਕੇਂਦਰ ਸਰਕਾਰ ਕਹਿੰਦੀ ਸੀ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਵਿੱਚ ਤਿੰਨ ਦਿਨਾਂ ਲਈ ਲਾਕਡਾਊਨ ਲਗਾ ਦਿੱਤਾ ਹੈ। ਲੋਕਾਂ ਨੂੰ ਸੜਕਾਂ ‘ਤੇ ਨਹੀਂ ਆਉਣ ਦਿੱਤਾ ਜਾ ਰਿਹਾ। ਅੱਗੇ ਵੱਡੇ-ਵੱਡੇ ਪਰਦੇ ਲਾ ਕੇ ਗਰੀਬਾਂ ਦੀਆਂ ਝੁੱਗੀਆਂ ਨੂੰ ਪਿੱਛੇ ਲੁਕਾਇਆ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ 16 ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ 13 ਜ਼ਿਲ੍ਹਿਆਂ ਦੇ ਸਾਰੇ ਜ਼ੋਨਾਂ ਵਿੱਚ ਹੋ ਰਿਹਾ ਹੈ। ਕਿਸਾਨ ਤੇ ਮਜ਼ਦੂਰ ਆਪੋ-ਆਪਣੇ ਜ਼ੋਨਾਂ ਵਿੱਚ ਇਕੱਠੇ ਹੋ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਇਹ ਕਿਸਾਨਾਂ ਦੀਆਂ ਉਹੀ ਜਥੇਬੰਦੀਆਂ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ 21 ਅਗਸਤ ਨੂੰ ਚੰਡੀਗੜ੍ਹ ਤੱਕ ਮਾਰਚ ਕੀਤਾ ਸੀ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਈ ਥਾਵਾਂ ‘ਤੇ ਲਾਠੀਚਾਰਜ ਕੀਤਾ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ।