ਲੁਧਿਆਣਾ: ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 37 ਫੀਸਦ ਗਿਰਾਵਟ ਆਈ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ ਕਿਸਾਨ ਮੇਲੇ ਦੌਰਾਨ ਕਿਸਾਨਾਂ ਅਤੇ ਹੋਰਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 37 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 15 ਸਤੰਬਰ ਤੋਂ 31 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 1316 ਘਟਨਾਵਾਂ ਸਾਹਮਣੇ ਆਈਆਂ ਸਨ ਜੋ ਇਸ ਸਾਲ ਇਸੇ ਸਮੇਂ ਦੌਰਾਨ ਘਟ ਕੇ 826 ਰਹਿ ਗਈਆਂ ਹਨ।
ਉਨ੍ਹਾਂ ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਬਹੁਮੱਲੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਸ੍ਰੀ ਸ਼ਰਮਾ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ 13 ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਸ ਪ੍ਰਥਾ ਤੋਂ ਗੁਰੇਜ਼ ਕਰਨਾ ਚਾਹੀਦਾ ਜਿਸ ਨਾਲ ਵਾਤਾਵਰਣ ਗੰਧਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਖਰੀਦਣ ਲਈ ਵੱਡੀਆਂ ਸਬਸਿਡੀਆਂ ਦੇ ਰਹੀ ਹੈ।
ਖੇਤੀਬਾੜੀ ਵਿਭਾਗ ਵੱਲੋਂ ਅਜਿਹੇ ਮੇਲਿਆਂ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਬੇਹੱਦ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਖੇਤੀ ਵਿੱਚ ਨਵੀਂ ਤਕਨੀਕ ਦੀ ਵਰਤੋਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਫ਼ਸਲੀ ਪ੍ਰਬੰਧਨ ਅਤੇ ਮਿੱਟੀ ਦੀ ਸਿਹਤ ਸਬੰਧੀ ਕਿਸਾਨਾਂ ਨੂੰ ਅਹਿਮ ਸੇਧ ਦੇਣ ਵਿੱਚ ਵੀ ਸਹਾਈ ਹੁੰਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਪੀ.ਐਸ. ਕਾਲੇਕਾ ਨੇ ਅਗਾਂਹਵਧੂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਿਰੋਧੀ ਮੁਹਿੰਮ ਦਾ ਸੰਦੇਸ਼ ਫੈਲਾਉਣ ਤਾਂ ਜੋ ਸਾਫ਼ ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਗੁਰੇਜ਼ ਕਰਨਾ ਹੀ ‘ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤ’ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸੰਯੁਕਤ ਡਾਇਰੈਕਟਰ-ਕਮ-ਨੋਡਲ ਅਫਸਰ ਪੰਜਾਬ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਇੰਜੀਨੀਅਰ ਸ੍ਰੀ ਮਨਮੋਹਨ ਕਾਲੀਆ ਨੇ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਪੂਰੀ ਤਨਦੇਹੀ ਨਾਲ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਝੋਨੇ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਖਰਾਬ ਹੋਣ ਦੇ ਨਾਲ-ਨਾਲ ਵਾਤਾਵਰਣ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਬਲਕਾਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ, ਡਾ. ਰਜਿੰਦਰਪਾਲ ਸਿੰਘ ਔਲਖ, ਅਮਨਪ੍ਰੀਤ ਸਿੰਘ, ਗਗਨਦੀਪ ਕੌਰ, ਡਾ. ਕੰਵਲਜੀਤ ਸਿੰਘ, ਡਾ. ਅਮਰਜੀਤ ਸਿੰਘ, ਡਾ. ਗੁਰਮੀਤ ਸਿੰਘ, ਡਾ. ਅਮਿਤ ਕੌਲ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸਾਥੀ ਮੌਜੂਦ ਸਨ।