ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਚੰਡੀਗੜ ਨਜ਼ਦੀਕ ਖਰੜ-ਲਾਂਡਰਾਂ ਰੋਡ ਉਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ਉਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ ਪਾਈ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭਿ੍ਰਸ਼ਟਾਚਾਰ ਦੀਆਂ ਸ਼ਿਕਾਇਤਾਂ ਉਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭਿ੍ਰਸ਼ਟਾਚਾਰੀਆਂ ਨੂੰ ਫੜਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ। ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ। ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ. ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ।
ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭਿ੍ਰਸ਼ਟਾਚਾਰ ਰਹਿਤ ਸੇਵਾਵਾਂ ਦੇਣ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸ. ਰੰਧਾਵਾ ਨੇ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਨਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ।
ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸ. ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮਿ੍ਰਤਕ ਮੁਲਾਜਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨਾਂ ਪੰਜਾਬ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਨੂੰ ਚੇਤੇ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਪੰਜਾਬੀ ਭਾਸਾ ਨੂੰ ਪ੍ਰਫੁੱਲਤ ਕਰਨ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਆਖਿਆ। ਇਸ ਮੌਕੇ ਉਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨਾਂ ਦੱਸਿਆ ਕਿ ਸੂਬੇ ਵਿੱਚ ਡੀ.ਏ.ਪੀ. ਦੀ ਕਿਸਾਨਾਂ ਨੂੰ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਸਪਲਾਈ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀ.ਕੇ. ਤਿਵਾੜੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਐਮ.ਡੀ. ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਮੋਹਾਲੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ।