ਇੱਕ ਪਾਸੇ ਜਿੱਥੇ ਕੋਰੋਨਾ ਨੇ ਹਾਹਾਕਾਰੀ ਮਚਾਈ ਹੋਈ ਹੈ ਉੱਥੇ ਹੀ ਦੂਜੇ ਪਾਸੇ ਇਸ ਤੋਂ ਬਚਣ ਲਈ ਵੈਕਸੀਨੇਸ਼ਨ ਹੈ। ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ ਵੈਕਸੀਨੇਸ਼ਨ ਹੋਣ ‘ਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਡਿਵੈਲਪਮੈਂਟ ਸੰਦੀਪ ਕੁਮਾਰ ਵੱਲੋਂ ਕੀਤੀ ਗਈ।
ਇਸ ਦੌਰਾਨ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਪਿੰਡ ਭੀਖੀ ਖੱਟੜਾ ਦੇ ਨਿਵਾਸੀਆਂ ਨੇ 100 ਫ਼ੀਸਦੀ ਵੈਕਸੀਨੇਸ਼ਨ ਕਰਵਾ ਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਵੈਕਸੀਨੇਸ਼ਨ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਵਾਲੀ ਪੰਚਾਇਤ ਨੂੰ 10 ਲੱਖ ਸਪੈਸ਼ਲ ਵਿਕਾਸ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ ਸੀ।