ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਲਈ ਅਹਿਮ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਇਹ ਐਲਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਹੱਤਵਪੂਰਨ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।
ਵਿੱਤ ਮੰਤਰੀ ਨੇ ਕਿਹਾ ਕਿ ਸੀ.ਐੱਮ. ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ ‘ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਤੀਜੀ ਧਿਰ ਵੱਲੋਂ ਇੰਨ੍ਹਾਂ ਕੰਮਾਂ ਦਾ ਆਡਿਟ ਕੀਤਾ ਜਾਵੇਗਾ ਅਤੇ ਕਿਸੇ ਵੀ ਗੜਬੜ ਦੇ ਨਤੀਜੇ ਵਜੋਂ ਫੰਡਾਂ ਦੀ ਰਿਕਵਰੀ ਕਰਨ ਦੇ ਨਾਲ-ਨਾਲ ਉਸ ਠੇਕੇਦਾਰ ਨੂੰ ਬਲੈਕ ਲਿਸਟ ਵਿੱਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਗੜਬੜੀ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਵੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਰਨਾਲਾ ‘ਚ ਬੁਲਡੋਜ਼ਰ ਕਾਰਵਾਈ, ਨ.ਸ਼ਾ ਤ.ਸ.ਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਮੰਤਰੀ ਚੀਮਾ ਨੇ ਕਿਹਾ ਕਿ 27 ਮਾਰਚ ਨੂੰ ਪਾਸ ਕੀਤੇ ਗਏ ਵਿੱਤੀ ਸਾਲ 2025-26 ਦੇ ਬਜਟ ਵਿੱਚ ਸੂਬੇ ਦੀਆਂ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਮੁੜ ਬਣਾਉਣ ਦਾ ਵਾਅਦਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
