ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਰੀਬ ਦੋ ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ। ਬੈਠਕ ਦੌਰਾਨ ਕੋਈ ਵੀ ਸਹਿਮਤੀ ਨਹੀਂ ਬਣ ਸਕੀ। ਬੈਠਕ ਮਗਰੋਂ ਕਿਸਾਨ ਨੇਤਾਵਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਉਹ 5 ਮਾਰਚ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਗੁੱਸੇ ਵਿੱਚ ਆ ਕੇ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਮੰਗ ਪੱਤਰ ਦਾ ਅੱਧਾ ਹਿੱਸਾ ਹੀ ਵਿਚਾਰਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅੱਖ ਵਿੱਚ ਇਨਫੈਕਸ਼ਨ ਹੈ ਅਤੇ ਉਨ੍ਹਾਂ ਦੀ ਡਾਕਟਰ ਨਾਲ ਮੁਲਾਕਾਤ ਹੈ। ਇਸ ਕਾਰਨ ਉਨ੍ਹਾਂ ਨੂੰ ਜਾਣਾ ਪਵੇਗਾ। ਮੀਟਿੰਗ ਦੌਰਾਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਧਾਲੀਵਾਲ ਅਤੇ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ। ਮੀਟਿੰਗ ਵਿੱਚ ਕਈ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਪੁੱਛਿਆ ਕਿ ਉਹ 5 ਤਰੀਕ ਨੂੰ ਕੀ ਕਰਨ ਜਾ ਰਹੇ ਹਨ। ਜਦੋਂ ਕਿਸਾਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਧਰਨੇ-ਮੁਜ਼ਾਹਰੇ ਹੀ ਕਰਨੇ ਹਨ ਤਾਂ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ। ਫਿਰ ਬੈਠਕ ਤੋਂ ਉਠ ਕੇ ਚਲੇ ਗਏ। ਰਾਜੇਵਾਲ ਨੇ ਕਿਹਾ ਕਿਹਾ ਕਿ ਅਜਿਹੀ ਸਥਿਤੀ ਵਿਚ ਇਹ ਕਹਿਣਾ ਮੁਸ਼ਕਲ ਹੈ ਕਿ ਕਿਸੇ ਮੁੱਦੇ ‘ਤੇ ਸਹਿਮਤੀ ਬਣੀ ਸੀ ਜਾਂ ਨਹੀਂ। ਉਨ੍ਹਾਂ ਮੁੱਖ ਮੰਤਰੀ ਦੇ ਇਸ ਵਤੀਰੇ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਮੰਗਾਂ ਮੰਨ ਲਈਆਂ ਜਾਂਦੀਆਂ ਤਾਂ ਉਹ ਮੋਰਚਾ ਨਹੀਂ ਲਾਉਣ ਵਾਲੇ ਸਨ।
ਇਹ ਵੀ ਪੜ੍ਹੋ : ਫਰਜ਼ੀ ਐਨਕਾਊਂਟਰ ਕੇਸ ‘ਚ ਅਦਾਲਤ ਦਾ ਫੈਸਲਾ, 2 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, 1993 ਦਾ ਮਾਮਲਾ
ਦੂਜੇ ਪਾਸੇ ਮੀਟਿੰਗ ਮਗਰੋਂ ਸੀਐਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ ਕਿ ਅੱਜ ਪੰਜਾਬ ਭਵਨ ਵਿਚ ਹੋਈ ਬੈਠਕ ਵਿਚ ਮੈਂ ਕਿਸਾਨ ਜਥੇਬੰਦੀਆਂ ਨੂੰ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਨ੍ਹਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸ ਦਾ ਵੀ ਆਪਾਂ ਖਿਆਲ ਕਰੀਏ।
ਉਥੇ ਹੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ 5 ਮਾਰਚ ਨੂੰ ਜੋ ਪ੍ਰੋਗਰਾਮ ਤੈਅ ਕੀਤਾ ਹੈ, ਅਸੀਂ ਉਹੀ ਕਰਾਂਗੇ ਅਤੇ 5 ਮਾਰਚ ਨੂੰ ਧਰਨਾ ਦੇਵਾਂਗੇ। ਝੋਨੇ ਦੀ ਕਟਾਈ ਨੂੰ ਲੈ ਕੇ ਹੀ ਸਹਿਮਤੀ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਝੋਨੇ ਦੀ ਕਟਾਈ ਪਹਿਲੀ ਜੂਨ ਤੋਂ ਸ਼ੁਰੂ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
