ਪੰਜਾਬ ਦੇ ਲੋਕਾਂ ਲਈ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ਤਹਿਤ 4,000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਅੱਜ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਖਾਸ ਕਰਕੇ ਪੇਂਡੂ ਆਬਾਦੀ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਲਿੰਕ ਸੜਕਾਂ ਸ਼ਹਿਰਾਂ ਤੱਕ ਆਉਣ-ਜਾਣ ਅਤੇ ਮਾਲ ਦੀ ਢੋਆ-ਢੁਆਈ ਲਈ ਬਹੁਤ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੀ ਆਰਥਿਕਤਾ ਦੀ ਜੀਵਨ ਰੇਖਾ ਹਨ।
ਸੀ.ਐੱਮ. ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਕਈ ਸੜਕਾਂ ਦੀ ਛੇ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਮੁਰੰਮਤ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਦੇ ਸਮੇਂ ਸਭ ਤੋਂ ਵੱਧ ਤਰਜੀਹੀ ਸੜਕਾਂ, ਪਹਿਲ ਦੇ ਆਧਾਰ ‘ਤੇ ਸੜਕਾਂ ਅਤੇ ਜ਼ਰੂਰਤ ਦੇ ਆਧਾਰ ‘ਤੇ ਸੜਕਾਂ ਦਾ ਕ੍ਰਮ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕ ਇਸ ਦਾ ਲਾਭ ਉਠਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਲੋੜ ਅਤੇ ਪਹਿਲ ਦੇ ਆਧਾਰ ‘ਤੇ ਬਣਾਉਣ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸਾ ਤਰਕਸੰਗਤ ਢੰਗ ਨਾਲ ਵਰਤਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਤੱਕ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸੀ.ਐੱਮ. ਮਾਨ ਨੇ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕਿਹਾ ਕਿ ਉਹ ਸਮੁੱਚੇ ਕੰਮ ਦਾ ਮਿਆਰ ਬਰਕਰਾਰ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦੀ ਇੱਕ-ਇੱਕ ਪੈਸੇ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਅਬੋਹਰ : ਨ/ਸ਼ੇ ਦੀ ਓਵਰਡੋਜ਼ ਨਾਲ ਇਕਲੌਤੇ ਪੁੱਤ ਦੀ ਮੌ/ਤ, ਬਜ਼ੁਰਗ ਪਿਓ ਤੋਂ ਝੱਲਿਆ ਨਹੀਂ ਜਾ ਰਿਹਾ ਦੁੱਖ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਸਰੋਤਾਂ ਦੀ ਸਹੀ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ‘ਤੇ ਮਿਆਰੀ ਕੰਮ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਉਸਾਰੀ ਦੇ ਕੰਮ ਵਿੱਚ ਵੱਡੀ ਤਬਦੀਲੀ ਆਵੇਗੀ, ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤੀਜੀ ਧਿਰ ਦੀ ਜਾਂਚ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
