300 crore distributed to : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਰਾਹੀਂ ਵੱਖ-ਵੱਖ ਵਿਭਾਗਾਂ ਤੇ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 300 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 300 ਕਰੋੜ ਵਿਚੋਂ 200 ਕਰੋੜ ਰੁਪਏ ਵੱਖ-ਵੱਖ ਵਿਭਾਗਾਂ ਨੂੰ ਜਦਕਿ 100 ਕਰੋੜ ਰੁਪਏ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੰਡੇ ਗਏ ਹਨ। ਕਾਂਗੜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਵੰਡੇ ਗਏ 100 ਕਰੋੜ ਰੁਪਏ ਵਿੱਚੋਂ 98 ਕਰੋੜ ਰੁਪਏ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਭੇਜਣ, ਸੁੱਕਾ ਰਾਸ਼ਨ ਵੰਡਣ ਅਤੇ ਏਕਾਂਤਵਾਸ ਕੀਤੇ ਲੋਕਾਂ ‘ਤੇ ਖਰਚੇ ਗਏ ਹਨ। ਕੈਬਨਿਟ ਮੰਤਰੀ ਨੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਨੂੰ ਪੰਜਾਬ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਕਿਹਾ ਕਿ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਕੋਵਿਡ-19 ਨਾਲ ਨਿਪਟਣ ਲਈ ਨੋਡਲ ਵਿਭਾਗ ਦੇ ਤੌਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਦੀ ਮਹਾਂਮਾਰੀ ਦੇ ਸਬੰਧ ਵਿੱਚ ਤਾਲਾਬੰਦੀ ਐਲਾਨਣ ਤੋਂ ਪਹਿਲਾਂ ਹੀ ਵਿਭਾਗ ਦੇ ਡਿਜ਼ਾਸਟਰ ਮੈਨੇਜਮੈਂਟ ਵਿੰਗ ਨੇ ਸਿਹਤ ਵਿਭਾਗ ਨੂੰ 25 ਕਰੋੜ ਰੁਪਏ ਇਸ ਬੀਮਾਰੀ ਨਾਲ ਲੜਨ ਲਈ ਜਾਰੀ ਕਰ ਦਿੱਤੇ ਸਨ।
ਕਾਂਗੜ ਨੇ ਦੱਸਿਆ ਕਿ ਇਸ ਬੀਮਾਰੀ ਦੇ ਖਾਤਮੇ ਲਈ ਭਾਰਤ ਸਰਕਾਰ ਵੱਲੋਂ ਪ੍ਰਾਪਤ ਰਾਸ਼ੀ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਖਜਾਨੇ ਵਿਚੋਂ ਜੋ ਡਿਜ਼ਾਸਟਰ ਮੈਨੇਜਮੈਂਟ ਲਈ ਪ੍ਰਾਪਤ ਹੋਇਆ ਸੀ ਉਹ ਵੱਖ-ਵੱਖ ਵਿਭਾਗਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀਆਂ ਮੰਗਾਂ ਅਨੁਸਾਰ ਉਨ੍ਹਾਂ ਨੂੰ ਜਾਰੀ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਵਿਭਾਗਾਂ ਅਤੇ ਜ਼ਿਲ੍ਹਿਆਂ ਦੀਆਂ ਮੰਗਾਂ ਤੇ ਮੁਸ਼ਕਿਲ਼ਾਂ ਨੂੰ ਤੁਰੰਤ ਹੱਲ ਕਰਨ ਲਈ ਸੂਬੇ ਦੀ ਕਾਰਜਕਾਰੀ ਕਮੇਟੀ ਦੀ ਰੋਜ਼ਾਨਾ ਮੁੱਖ ਸਕੱਤਰ ਦੀ ਅਗਵਾਈ ਵਿੱਚ ਮੀਟਿੰਗ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ ‘ਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਟੈਲੀਫੋਨ ‘ਤੇ ਹੱਲ ਕਰਨ ਲਈ 24 ਘੰਟੇ ਸਟਾਫ ਹਾਜ਼ਰ ਰਹਿੰਦਾ ਹੈ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਵਿੱਚ ਲੋਕਾਂ ਦੇ ਹੁਣ ਤੱਕ 11 ਹਜ਼ਾਰ ਤੋਂ ਵੱਧ ਸਵਾਲ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਭਾਵਿਤ ਵਿਅਕਤੀ ਨੂੰ ਕਿਸੇ ਕਿਸਮ ਦੀ ਲੋੜ ਹੋਵੇ ਤਾਂ ਉਹ ਤੁਰੰਤ ਉਥੋਂ ਦੇ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਨਾਲ ਸੰਪਰਕ ਕਰ ਕੇ ਮਦਦ ਹਾਂਸਲ ਕਰ ਸਕਦਾ ਹੈ।
ਉਨ੍ਹਾਂ ਕੋਰੋਨਾ ਦੀ ਮਹਾਮਾਰੀ ਨਾਲ ਲੜਾਈ ਵਿੱਚ ਡਟੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਦੀ ਏਅਰਪੋਰਟ ‘ਤੇ ਰਜਿਸਟਰੇਸ਼ਨ ਕਰਕੇ ਉਨ੍ਹਾਂ ਦੇ ਏਕਾਂਤਵਾਸ ਦੌਰਾਨ ਰੋਜ਼ਾਨਾ ਮੁਆਇਨਾ ਕਰ ਕੇ ਉਨ੍ਹਾਂ ਦਾ ਫਾਲੋਅਪ ਕੀਤਾ ਗਿਆ। ਕੋਵਿਡ ਦੇ ਲੱਛਣਾਂ ਵਾਲੇ ਲੋਕਾਂ ਨੂੰ ਵਿਭਾਗ ਦੇ ਨੋਡਲ ਅਫਸਰਾਂ ਵੱਲੋਂ ਜਿਥੇ ਸਟੇਟ ਕੁਆਰਨਟੀਨ ਸੈਂਟਰਾਂ ਵਿੱਚ ਲਿਜਾਇਆ ਗਿਆ ਉਥੇ ਬਿਨਾਂ ਲੱਛਣਾਂ ਵਾਲੇ ਲੋਕਾਂ ਨੂੰ ਘਰ ਭੇਜ ਕੇ ਸੈਲਫ ਕੁਆਰੰਟਾਈਨ ਵਿੱਚ ਰੱਖਿਆ ਗਿਆ। ਉਨ੍ਹਾਂ ਇਸ ਸੰਕਟ ਦੀ ਘੜੀ ਵਿੱਚ ਪੁਲਿਸ, ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੀ ਸੇਵਾ ਵਿੱਚ ਲੱਗੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਬੀਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ।