ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਮਾਨਸਾ ਜ਼ਿਲ੍ਹਾ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਪੁਲਿਸ ਨੇ ਪੰਜ ਦੋਸ਼ੀਆਂ ਨੂੰ ਫਿਜੀਕਲੀ ਅਦਾਲਤ ਵਿੱਚ ਪੇਸ਼ ਕੀਤਾ ਅਤੇ ਸ਼ੂਟਰਾਂ ਵੱਲੋਂ ਮੂਸੇਵਾਲਾ ਦੇ ਕਤਲ ਲਈ ਵਰਤੀਆਂ ਗਈਆਂ ਕੋਰੋਲਾ ਅਤੇ ਬੋਲੈਰੋ ਗੱਡੀਆਂ ਵੀ ਪੇਸ਼ ਕੀਤੀਆਂ ਗਈਆਂ। ਗਵਾਹੀ ਦੇਣ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ੀਆਂ ਦੀ ਪਛਾਣ ਕੀਤੀ। ਮਾਮਲੇ ਦੀ ਸੁਣਵਾਈ ਹੁਣ 14 ਨਵੰਬਰ ਨੂੰ ਹੋਵੇਗੀ।
ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਵਿੱਚ ਮਾਨਸਾ ਅਦਾਲਤ ਨੇ ਅਪਰਾਧ ਵੇਲੇ ਵਰਤੇ ਗਏ ਵਾਹਨਾਂ ਅਤੇ ਗੋਲੀਬਾਰੀ ਕਰਨ ਵਾਲਿਆਂ ਨੂੰ ਫਿਜੀਕਲੀ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਪਿਛਲੀ ਸੁਣਵਾਈ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਨਜ਼ਰ ਖਰਾਬ ਹੋ ਗਈ ਹੈ ਅਤੇ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਨੂੰ ਪਛਾਣ ਨਹੀਂ ਸਕੇ ਸਨ। ਇਸ ਦੇ ਤਹਿਤ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ, ਪ੍ਰਿਯਵਰਤ ਫੌਜੀ, ਕੁਲਦੀਪ ਕਸ਼ਿਸ਼, ਸੰਦੀਪ ਕੇਕੜਾ, ਦੀਪਕ ਮੁੰਡੀ ਅਤੇ ਬਲਦੇਵ ਨਿੱਕੂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਸ਼ੁੱਕਰਵਾਰ ਨੂੰ ਅਦਾਲਤ ਦੇ ਹੁਕਮਾਂ ‘ਤੇ ਮਾਨਸਾ ਦੇ ਸਿਟੀ-1 ਥਾਣੇ ਦੀ ਪੁਲਿਸ ਨੇ ਦੋਵੇਂ ਗੱਡੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਵੇਲੇ ਪ੍ਰਿਯਵਰਤ ਫੌਜੀ, ਕੁਲਦੀਪ ਕਸ਼ਿਸ਼, ਅੰਕਿਤ ਸਿਰਸਾ ਅਤੇ ਦੀਪਕ ਮੁੰਡੀ ਬੋਲੈਰੋ ਗੱਡੀ ਵਿੱਚ ਸਨ। ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਕੋਰੋਲਾ ਗੱਡੀ ਵਿੱਚ ਸਨ, ਜਿਨ੍ਹਾਂ ਨੇ ਇਸ ਅਪਰਾਧ ਨੂੰ ਅੰਜਾਮ ਦਿੱਤਾ ਸੀ।
ਇਹ ਵੀ ਪੜ੍ਹੋ : ਟਰਾਂਸਜੈਡਰਾਂ ਨਾਲ ਨਹੀਂ ਚੱਲੇਗਾ ਭੇਦਭਾਵ… ਸੁਪਰੀਮ ਕੋਰਟ ਨੇ ਅਧਿਕਾਰਾਂ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ
ਜ਼ਿਕਰਯੋਗ ਹੈ ਕਿ 29 ਮਈ, 2022 ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਅਤੇ ਦੋ ਦੋਸਤ ਇੱਕ ਰਿਸ਼ਤੇਦਾਰ ਨੂੰ ਮਿਲਣ ਲਈ ਥਾਰ ਗੱਡੀ ਵਿੱਚ ਜਾ ਰਹੇ ਸਨ। ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਲਗਭਗ 39 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਨੂੰ ਐਨਕਾਉਂਟਰ ਵਿਚ ਮਾਰ ਦਿੱਤਾ ਸੀ। ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਪੰਜ ਦੀ ਗ੍ਰਿਫਤਾਰੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
























