ਹਰਿਆਣਾ ਅਤੇ ਪੰਜਾਬ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ਼ਾਮਲ ਹੋ ਸਕਦੇ ਹਨ। ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪੁੱਜਣਗੇ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਸੀ।
ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਜਾਵੇਗਾ। ਡੱਲੇਵਾਲ ਨੇ 14 ਫਰਵਰੀ ਦੀ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ ਸੀ। ਉਦੋਂ ਉਨ੍ਹਾਂ ਕਿਹਾ ਸੀ ਕਿ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਪਾਜ਼ੀਟਿਵ ਰਹੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜੇਕਰ ਅਸੀਂ ਗ੍ਰਾਊਂਡ ‘ਤੇ ਨਹੀਂ ਹਾਰੇ ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜਰ ਗੱਲਬਾਤ ਵਿੱਚ ਪਾਜ਼ੀਟਿਵ ਹੁੰਗਾਰਾ ਮਿਲਦਾ ਹੈ ਤਾਂ ਬਦਲਾਅ ਯਕੀਨੀ ਹੈ।
ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਕਿਸਾਨ ਨੇਤਾ ਸ਼ੁਭਕਰਨ ਦੀ ਪਹਿਲੀ ਬਰਸੀ ਮਨਾਈ ਗਈ। ਵੱਡੀ ਗਿਣਤੀ ਵਿੱਚ ਕਿਸਾਨ ਆਗੂ ਸ਼ੰਭੂ ਸਰਹੱਦ ’ਤੇ ਪੁੱਜੇ ਹੋਏ ਸਨ। ਸਰਹੱਦ ’ਤੇ ਕਿਸਾਨ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਸ਼ੁਭਕਰਨ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕੇਂਦਰ ਨਾਲ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ ਅਤੇ ਕੇਂਦਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਦਿੱਲੀ ਵੱਲ ਕੂਚ ਕਰਨਗੇ। 25 ਫਰਵਰੀ ਨੂੰ 101 ਕਿਸਾਨਾਂ ਦਾ ਜਥਾ ਸੀਨੀਅਰ ਕਿਸਾਨ ਆਗੂਆਂ ਦੀ ਅਗਵਾਈ ਹੇਠ ਦਿੱਲੀ ਵੱਲ ਕੂਚ ਕਰੇਗਾ। ਉਹ ਸ਼ੁੱਕਰਵਾਰ ਨੂੰ ਸ਼ੰਭੂ ਬਾਰਡਰ ‘ਤੇ ਆਯੋਜਿਤ ਸ਼ਰਧਾਂਜਲੀ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਯੋਜਿਤ ਪ੍ਰੋਗਰਾਮਾਂ ‘ਚ ਕਿਸਾਨ ਅੰਦੋਲਨ 2.0 ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਪੰਧੇਰ ਨੇ ਕਿਹਾ ਕਿ ਨੌਜਵਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਪੂਰਾ ਇੱਕ ਸਾਲ ਬੀਤ ਚੁੱਕਾ ਹੈ ਪਰ ਅਜੇ ਤੱਕ ਉਸ ਦੇ ਸਿਰ ਵਿੱਚ ਗੋਲੀ ਮਾਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਸ਼ੁਭਕਰਨ ਦੀ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ।
ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੱਕਾਂ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਨਾ ਦਿੰਦੀ ਰਹੇਗੀ | ਨਾਲ ਹੀ ਕਿਹਾ ਕਿ ਪਹਿਲਾਂ ਵਾਂਗ ਸ਼ਨੀਵਾਰ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਉਮੀਦ ਹੈ ਕਿ ਸਰਕਾਰ ਦੇ ਮੰਤਰੀ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਵੱਲ ਕਦਮ ਚੁੱਕਣਗੇ। ਪਿਛਲੇ ਇੱਕ ਸਾਲ ਤੋਂ ਦੇਸ਼ ਦੇ ਸਾਰੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਗਈ ਫਸਲ ਦਾ 100 ਫੀਸਦੀ ਮੁੱਲ ਲੈਣ ਲਈ ਸਰਹੱਦਾਂ ‘ਤੇ ਅੰਦੋਲਨ ਚੱਲ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੈਬਨਿਟ ‘ਚ ਕੀਤਾ ਫੇਰਬਦਲ, ਪ੍ਰਸ਼ਾਸਨਿਕ ਸੁਧਾਰ ਵਿਭਾਗ ਕੀਤਾ ਖਤਮ, ਨੋਟੀਫਿਕੇਸ਼ਨ ਜਾਰੀ
ਡੱਲੇਵਾਲ ਨੇ ਕਿਹਾ ਕਿ ਦੇਸ਼ ਦੇ ਸਮੂਹ ਕਿਸਾਨਾਂ ਦੇ ਸਹਿਯੋਗ ਨਾਲ ਕਿਸਾਨ ਮੋਰਚੇ ਨੂੰ ਜਿੱਤ ਵੱਲ ਲਿਜਾਇਆ ਜਾਵੇਗਾ। ਦੋਵਾਂ ਮੋਰਚਿਆਂ ਦਾ 28 ਮੈਂਬਰੀ ਵਫ਼ਦ ਸ਼ਨੀਵਾਰ ਨੂੰ ਮੀਟਿੰਗ ਲਈ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਹੁਤ ਜ਼ਰੂਰੀ ਹੈ ਅਤੇ ਇਹ ਸਿਰਫ਼ ਮੰਗ ਨਹੀਂ ਸਗੋਂ ਸਮੇਂ ਦੀ ਲੋੜ ਹੈ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
