ਪੰਜਾਬ ਦੇ ਫਰੀਦਕੋਟ ਵਿੱਚ ਇੱਕ ਨਿੱਜੀ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਕਰੀਬ 5 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਦੋ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। CM ਭਗਵੰਤ ਮਾਨ ਨੇ ਹਾਦਸੇ ‘ਤੇ ਦੁੱਖ ਜਤਾਇਆ ਹੈ।
CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ- ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।
ਇਹ ਵੀ ਪੜ੍ਹੋ : ਲੁਧਿਆਣਾ : ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਅੱ.ਗ, ਹਾਦਸੇ ‘ਚ 2 ਮਜ਼ਦੂਰਾਂ ਦੀ ਗਈ ਜਾ/ਨ
ਇਹ ਘਟਨਾ ਮੰਗਲਵਾਰ ਸਵੇਰੇ ਕੋਟਕਪੂਰਾ ਰੋਡ ‘ਤੇ ਵਾਪਰੀ। ਨਿਊ ਦੀਪ ਟਰਾਂਸਪੋਰਟ ਕੰਪਨੀ ਦੀ ਇਹ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਅਤੇ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। SSP ਪ੍ਰਗਿਆ ਜੈਨ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲ ਦਾ ਨਿਰਮਾਣ ਚੱਲ ਰਿਹਾ ਸੀ। ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਡੀਸੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੱਸ ਵਿੱਚ 35 ਦੇ ਕਰੀਬ ਸਵਾਰੀਆਂ ਸਨ। ਦੋ ਲੋਕਾਂ ਦੇ ਹੱਥ ਕੱਟੇ ਗਏ ਹਨ। ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਸਾਡਾ ਧਿਆਨ ਜ਼ਖਮੀਆਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ‘ਤੇ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸ਼ਾਇਦ ਇਹ ਹਾਦਸਾ ਪੁਲ ‘ਤੇ ਓਵਰਟੇਕ ਕਰਦੇ ਸਮੇਂ ਵਾਪਰਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -:
