aam aadmi party will protest: ਪੰਜਾਬ ਵਿੱਚ ਦਲਿਤ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜ਼ੀਫ਼ਾ ਸਕੀਮ ਵਿੱਚ ਹੋਏ ਕਥਿਤ ਘੁਟਾਲੇ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ -77 ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ ਗਏ ਹਨ। ‘ਆਪ’ ਨੇਤਾਵਾਂ ਨੇ ਕਿਹਾ ਕਿ ਜਦੋਂ ਤੱਕ ਮੰਤਰੀ ਅਸਤੀਫ਼ਾ ਨਹੀਂ ਦੇ ਦਿੰਦਾ ਅਤੇ ਉਸ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਸਦਾ ਵਿਰੋਧ ਜਾਰੀ ਰਹੇਗਾ। ਆਮ ਆਦਮੀ ਪਾਰਟੀ ਦੇ ਨੇਤਾ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਗਰੀਬ ਵਿਦਿਆਰਥੀਆਂ ਦੀ ਸਕਾਲਰਸ਼ਿਪ ਨੂੰ ਲੁੱਟਿਆ, ਉਸ ਨੂੰ ਅਸਤੀਫਾ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਦੇ ਅਸਤੀਫ਼ਾ ਦੇਣ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨੇ ਗਰੀਬ ਵਿਦਿਆਰਥੀਆਂ ਦੀ 70 ਕਰੋੜ ਤੋਂ ਵੱਧ ਰਕਮ ਦਾ ਦਾ ਘੁਟਾਲਾ ਕੀਤਾ ਹੈ ਅਤੇ ਆਪਣੀ ਪਹਿਚਾਣ ਵਾਲੀਆਂ ਸੰਸਥਾਵਾਂ ਨੂੰ ਬਹੁਤ ਸਾਰਾ ਪੈਸਾ ਦਿੱਤਾ ਹੈ ਜਿਸਦੀ ਜਾਂਚ ਹੋਣੀ ਚਾਹੀਦੀ ਹੈ।
ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਪ੍ਰਦਰਸ਼ਨ ਕਰਨ ਲਈ ਡੀਸੀ ਕੰਪਲੈਕਸ ਵਿੱਚ ਦਾਖਲ ਹੋਏ ਤਾਂ ਉਥੇ ਤਾਇਨਾਤ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ। ਇਸ ਦੌਰਾਨ ਵਰਕਰਾਂ ਅਤੇ ਪੁਲਿਸ ਕਰਮਚਾਰੀਆਂ ਵਿਚਕਾਰ ਬਹਿਸ ਵੀ ਹੋਈ। ਬਾਅਦ ਵਿੱਚ ਵਰਕਰ, ਕੰਪਲੈਕਸ ਦੇ ਮੈਨੀਗੇਟ ਦੇ ਸਾਹਮਣੇ ਬੈਠ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ। ਆਮ ਆਦਮੀ ਪਾਰਟੀ ਦੇ ਇਸ ਪ੍ਰਦਰਸ਼ਨ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਮਹਿਲਾ ਵਿੰਗ ਦੀ ਮੁਖੀ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ, ਉਥੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਵਜ਼ੀਫੇ ਦੇ ਪੈਸੇ ਦਾ ਘੁਟਾਲਾ ਕਰ ਕੇ ਗਰੀਬ ਵਿਦਿਆਰਥੀਆਂ ਨਾਲ ਬੇਇਨਸਾਫੀ ਕੀਤੀ ਹੈ।