AAP compares Haryana CM Khattar: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਹੈ ।
ਦਰਅਸਲ, ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਮਨੋਹਰ ਲਾਲ ਖੱਟਰ ਨੇ ਜਨਰਲ ਡਾਇਰ ਵਰਗੇ ਅੰਦੋਲਨਕਾਰੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਫਾਇਰਿੰਗ ਕਰਨ ਦੇ ਆਦੇਸ਼ ਦਿੱਤੇ ਹਨ । ਇਸ ਤੋਂ ਅੱਗੇ ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸਾਡੇ ਦੁਸ਼ਮਣ ਹਨ? ਕੀ ਉਹ ਚੀਨ ਜਾਂ ਪਾਕਿਸਤਾਨ ਦੇ ਫੌਜੀ ਹਨ? ਉਨ੍ਹਾਂ ਨਾਲ ਅਜਿਹਾ ਵਿਵਹਾਰ ਕਿਉਂ ਕੀਤਾ ਜਾ ਰਿਹਾ ਹੈ?
ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੌਲੀ-ਹੌਲੀ ਤੇਜ਼ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਕਿਸਾਨ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਿੰਗ ਤੋੜ ਕੇ ਅੱਗੇ ਵੱਧ ਗਏ। ਇਸ ਤੋਂ ਬਾਅਦ ਦਿੱਲੀ-ਜੈਪੁਰ ਹਾਈਵੇ ‘ਤੇ ਮਸਾਣੀ ਪਿੰਡ ਨੇੜੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ । ਕਿਸਾਨ ਅੱਗੇ ਵਧਣ ‘ਤੇ ਅੜੇ ਰਹੇ । ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ।
ਦੱਸ ਦੇਈਏ ਕਿ ਦਿੱਲੀ-ਜੈਪੁਰ ਹਾਈਵੇ ਦਾ ਇੱਕ ਛੋਟਾ ਹਿੱਸਾ ਬੰਦ ਕਰ ਦਿੱਤਾ ਗਿਆ ਸੀ, ਜਦੋਂਕਿ ਹਾਈਵੇ ‘ਤੇ ਆਵਾਜਾਈ ਜਾਰੀ ਸੀ। ਪਰ ਜਦੋਂ ਕਿਸਾਨ ਜੈਸਿੰਘਪੁਰ ਖੇੜਾ ਬਾਰਡਰ ਤੋਂ ਅੱਗੇ ਵੱਧ ਕੇ ਮਸਾਨੀ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਹਾਈਵੇ ‘ਤੇ ਲੰਬਾ ਜਾਮ ਲੱਗ ਗਿਆ।