ਦੋ ਦਿਨਾਂ ਪੰਜਾਬ ਦੌਰੇ ‘ਤੇ ਆਏ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕੀਤਾ । ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਤੋਂ ਪਹਿਲਾਂ ਇੱਕ ਹੋਰ ਵੱਡਾ ਦਾਅ ਖੇਡ ਦਿੱਤਾ ਹੈ। ‘ਆਪ’ ਨੇ CM ਚਿਹਰੇ ਦਾ ਐਲਾਨ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ’ਤੇ ਸੁੱਟ ਦਿੱਤਾ ਹੈ । ਜਿਸਦੇ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਮੋਬਾਇਲ ਨੰਬਰ ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕ ਆਪਣੇ ਮੁੱਖ ਮੰਤਰੀ ਚਿਹਰੇ ਲਈ ਉਮੀਦਵਾਰ ਦੇ ਨਾਮ ਦਾ ਸੁਝਾਅ ਦੇ ਸਕਣ।
ਇਸ ਸਬੰਧੀ ਕੇਜਰੀਵਾਲ ਨੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ ਪਰ ਮਾਨ ਨੇ ਇਸਦੇ ਲਈ ਜਵਾਬ ਦੇ ਦਿੱਤਾ ਅਤੇ ਕਿਹਾ ਉਹ ਇਸ ਬਾਰੇ ਲੋਕਾਂ ਤੋਂ ਪੁੱਛਣ। ਲੋਕ ਜਿਸ ਨੂੰ ਚਾਹੁੰਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਜਾਵੇ। ਜਿਸ ਤੋਂ ਬਾਅਦ ਪਾਰਟੀ ਵੱਲੋਂ 7074870748 ਨੰਬਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਗਈ ਹੈ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਨੰਬਰ ਆਏ ਸੁਝਾਅ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਲਈ ਲੋਕਾਂ ਦੇ ਮਨਪਸੰਦ ਦਾ ਸੀਐਮ ਚਿਹਰਾ ਚੁਣਿਆ ਜਾਵੇਗਾ। ਜਿਸ ਲਈ 70748-70748 ਨੰਬਰ ਜਾਰੀ ਕੀਤਾ ਗਿਆ ਹੈ। ਇਸ ‘ਤੇ SMS ਕਰਕੇ ਜਾਂ ਵਟਸਐਪ ਮੈਸੇਜ ਕਰਕੇ ਜਾਂ ਕਾਲ ਰਿਕਾਰਡ ਕਰਕੇ ਆਪਣੀ ਰਾਇ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪਾਰਟੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰੇਗੀ ਜਿਸ ਲਈ ਉਨ੍ਹਾਂ ਵੱਲੋਂ ਲੋਕਾਂ ਨੂੰ ਜਮ ਕੇ ਵੋਟ ਪਾਉਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਅਤੇ ਜਿਸਦੇ ਨਤੀਜੇ 10 ਮਾਰਚ ਨੂੰ ਆ ਜਾਣਗੇ। ਜਿਸ ਲਈ ਹੁਣ ਹਰ ਪਾਰਟੀ ਸਰਗਰਮ ਨਜ਼ਰ ਆ ਰਹੀ ਹੈ। ਅਰਵਿੰਦ ਕੇਜਰੀਵਾਲ ਵੀ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਾਉਣ ਲਈ ਪੂਰੀ ਵਾਹ ਲਗਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: