AAP MLAs attack : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੰਗਠਨ ਦਿੱਲੀ ਵੱਲ ਕੂਚ ਕਰ ਚੁੱਕੇ ਹਨ ਪਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਤਸ਼ੱਦਦ ਦਾ ਵਿਰੋਧ ਵੱਖ-ਵੱਖ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਦੇ ਵਿਰੋਧ ‘ਚ ਅੱਜ ‘ਆਪ’ ਵਿਧਾਇਕ ਜਰਨੈਲ ਸਿੰਘ ਤੇ ਚੀਮਾ ਸਮੇਤ 9 ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ‘ਤੇ ਪੁੱਜੇ ਅਤੇ ਹੱਲਾ ਬੋਲਿਆ ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਦਿੱਲੀ ਪੁਲਿਸ ਵੱਲੋਂ ਇਨ੍ਹਾਂ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।
ਦਿੱਲੀ ਪੁਲਿਸ ਨੂੰ ਆਪ ਵਿਧਾਇਕਾਂ ਨੂੰ ਹਿਰਾਸਤ ‘ਚ ਲੈਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਵਿਧਾਇਕਾਂ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ) ਸ਼ਾਮਲ ਸਨ। ‘ਆਪ’ ਵਿਧਾਇਕਾਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਇਥੇ ਇਕੱਠੇ ਹੋਏ ਹਨ ਕਿਉਂਕਿ ਪਿਛਲੇ 2 ਮਹੀਨਿਆਂ ਤੋਂ ਕਿਸਾਨ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਸੁੱਤੀ ਹੋਈ ਮੋਦੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਪੁਲਸ ਵੱਲੋਂ ਸਾਰੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲੈ ਕੇ ਪਹਿਲਾ ਚਾਣਕਿਆ ਪੁਰੀ ਪੁਲਸ ਥਾਣੇ ਅਤੇ ਫਿਰ ਹਰੀ ਨਗਰ ਪੁਲਸ ਥਾਣੇ ‘ਚ ਰੱਖਿਆ ਗਿਆ ਤੇ ਫਿਰ ਬਾਅਦ ‘ਚ ਰਿਹਾਅ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ‘ਆਪ’ ਸਰਕਾਰ ਤੋਂ ਸ਼ਹਿਰ ਦੇ 9 ਸਟੇਡੀਅਮਾਂ ਨੂੰ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਕਾਰਨ ਆਰਜ਼ੀ ਜੇਲ੍ਹਾਂ ਵਜੋਂ ਵਰਤਣ ਦੀ ਆਗਿਆ ਮੰਗੀ ਸੀ। ਪਰ ਕੇਂਦਰ ਨੂੰ ਝਟਕਾ ਦਿੰਦੇ ਹੋਏ ਕੇਜਰੀਵਾਲ ਨੇ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ ਤੇ 9 ਸਟੇਡੀਅਮਾਂ ਨੂੰ ਆਰਜ਼ੀ ਤੌਰ ‘ਤੇ ਸਟੇਡੀਅਮ ‘ਚ ਤਬਦੀਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ, ਦਿੱਲੀ ਪੁਲਿਸ ਨੇ ਸੈਂਟਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਮਾਰਚ ਦੇ ਹਿੱਸੇ ਵਜੋਂ ਕੌਮੀ ਰਾਜਧਾਨੀ ਵੱਲ ਵਧ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਿੰਡਾਉਣ ਲਈ ਸਿੰਘੂ ਬਾਰਡਰ ‘ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਉਥੇ ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ‘ਚ ਦਾਖਲ ਹੋਣ ਤੋਂ ਰੋਕਣ ਲਈ ਸਿੰਘੂ ਬਾਰਡਰ ‘ਤੇ ਕੰਡਿਆਲੀ ਤਾਰ ਦੀ ਵਰਤੋਂ ਕੀਤੀ। ਰੇਤ ਨਾਲ ਭਰੇ ਟਰੱਕਾਂ ਅਤੇ ਵਾਟਰ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਪੁਲਿਸ ਨੇ ਕਿਹਾ ਕਿ ਉਹ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਦੇਖੋ 2 ਦਿਨ ਕਿਸਾਨਾਂ ਨੇ ਕਿਵੇਂ ਹਰਿਆਣਾ ਤੋਂ ਦਿੱਲੀ ਤੱਕ ਬੁਲਾਈ ਫਤਹਿ