ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅੱਜ ਕੇਜਰੀਵਾਲ ਦੀ ਫੇਰੀ ਦਾ ਦੂਜਾ ਦਿਨ ਹੈ। ਫੇਰੀ ਦੇ ਦੂਜੇ ਦਿਨ ਕੇਜਰੀਵਾਲ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ।
ਦਰਅਸਲ, ਅਰਵਿੰਦ ਕੇਜਰੀਵਾਲ ਨੇ ਦੂਜੀ ਗਾਰੰਟੀ ਦਾ ਐਲਾਨ ਕੀਤਾ । ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਅੱਜ ਉਹ ਸਿਹਤ ਸੇਵਾਵਾਂ ਸਬੰਧੀ ਦੂਜੀ ਵੱਡੀ ਗਾਰੰਟੀ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ। ਜਿਸ ਕਾਰਨ ਲੋਕਾਂ ਨੂੰ ਉੱਥੇ ਵਧੀਆ ਇਲਾਜ ਨਹੀਂ ਮਿਲਦਾ ।
ਜਿਸ ਕਰਕੇ ਮਜਬੂਰੀ ਵਿੱਚ ਲੋਕਾਂ ਨੂੰ ਨਿੱਜੀ ਹਸਪਤਾਲ ਜਾਣਾ ਪੈਂਦਾ ਹੈ, ਜਿੱਥੇ ਉਨ੍ਹਾਂ ਨੂੰ ਲੁੱਟਿਆ ਜਾ ਰਿਹਾ ਹੈ। ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਲਈ ਸਿਹਤ ਸਬੰਧੀ 6 ਗਾਰੰਟੀਆਂ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਹੇਠ ਲਿਖੀਆਂ ਹਨ:
1. ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹਰ ਬੰਦੇ ਨੂੰ ਮੁਫ਼ਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ ।
2. ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਦਵਾਈਆਂ, ਸਾਰੇ ਟੈਸਟ, ਸਾਰਾ ਇਲਾਜ ਅਤੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।
3. ਸਰਕਾਰੀ ਹਸਪਤਾਲਾਂ ‘ਚ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ।
4. ਦਿੱਲੀ ਦੀ ਤਰ੍ਹਾਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ 15 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
5. ਪੰਜਾਬ ਦੇ ਵੱਡੇ-ਵੱਡੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਅਤੇ ਸ਼ਾਨਦਾਰ ਬਣਾਇਆ ਜਾਵੇਗਾ।
6. ਜੇਕਰ ਕੋਈ ਵਿਅਕਤੀ ਸੜਕ ਹਾਦਸੇ ਦਾ ਸ਼ਿਕਾਰ ਹੁੰਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖਰ਼ਚਾ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ।
ਇਸ ਤੋਂ ਅੱਗੇ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਗੱਲ ਕਰਦਿਆਂ ਕਿਹਾ ਕਿ ਸਮਾਂ ਆਉਣ ‘ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਅਸੀਂ ਇਸ ਬਾਰੇ ਕੁੱਝ ਸੋਚ ਨਹੀਂ ਰਹੇ ਹਾਂ ਅਤੇ ਜਦੋਂ ਮੌਕਾ ਆਵੇਗਾ ਤਾਂ ਪੰਜਾਬ ਦੇ ਲੋਕਾਂ ਵੀ ਵਧੀਆ ਮੁੱਖ ਮੰਤਰੀ ਦਾ ਚਿਹਰਾ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਉਨ੍ਹਾਂ ਨੇ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਵਰਗੇ ਗਨ ਅਤੇ ਉਹ ਆਪਣੀ ਲੱਖਾਂ ਦੀ ਕਮਾਈ ਛੱਡ ਕੇ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਵਿੱਚ ਆਏ ਹਨ।