ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ । ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ-ਵਟਾਂਦਰਾ ਹੋਵੇਗਾ । ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਪੰਜਾਬ ਸਿਵਲ ਸਕੱਤਰੇਤ 3 ਵਜੇ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ । ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ । ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਦਿਆਂ ਹੀ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ । ਇਸ ਨੂੰ ਅੰਜਾਮ ਦੇਣ ਲਈ ਕੈਬਨਿਟ ਸਬ-ਕਮੇਟੀ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਪੰਜਾਬ ਵਿੱਚ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕਈ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ । ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਕੇਸ ਪੈਂਡਿੰਗ ਹਨ । ਮੁਲਾਜ਼ਮਾਂ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਫੈਸਲੇ ਤੋਂ ਬਾਅਦ ਹੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਇਨ੍ਹਾਂ ਸਾਰੇ ਪਹਿਲੂਆਂ ਨੂੰ ਘੋਖ ਕੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪੇਗੀ ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: