Delhi CM Kejriwal to meet: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਅਨੁਸਾਰ ਇਹ ਮੀਟਿੰਗ ਕੇਂਦਰੀ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਦੀ ਬੇਨਤੀ ਕਰਨ ਲਈ ਹੋ ਸਕਦੀ ਹੈ। ਸੀਐਮ ਕੇਜਰੀਵਾਲ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ‘ਤੇ ਕਾਬੂ ਪਾਉਣ ਲਈ ਕੁਝ ਨਵੇਂ ਕਦਮ ਚੁੱਕਣ ਦੀ ਤਿਆਰੀ ਕਰ ਰਹੇ ਹਨ। ਅਮਿਤ ਸ਼ਾਹ ਨਾਲ ਵੀ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਉਮੀਦ ਹੈ । ਦਿੱਲੀ ਵਿੱਚ ਵੱਧ ਰਿਹਾ ਪ੍ਰਦੂਸ਼ਣ ਵੀ ਕੋਰੋਨਾ ਮਾਮਲਿਆਂ ਵਿੱਚ ਵਾਧੇ ਦਾ ਕਾਰਨ ਹੈ । ਇਸ ਮੀਟਿੰਗ ਵਿੱਚ ਦੂਜੇ ਰਾਜਾਂ ਦੀ ਸਹਾਇਤਾ ਅਤੇ ਕੇਂਦਰ ਦੇ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਵਰਗੇ ਨੁਕਤੇ ਵਿਚਾਰੇ ਜਾਣ ਵਾਲੇ ਹਨ।
ਦੱਸ ਦੇਈਏ ਕਿ ਹਾਲ ਹੀ ਵਿੱਚ ਕੇਜਰੀਵਾਲ ਨੇ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੂੰ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਬਾਰੇ ਇੱਕ ਪੱਤਰ ਲਿਖਿਆ ਸੀ। ਪੱਤਰ ਵਿੱਚ, ਉਨ੍ਹਾਂ ਨੇ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ 300 ਆਈਸੀਯੂ ਬੈੱਡਾਂ ਸਮੇਤ ਕੁੱਲ 1092 ਬੈੱਡ ਵਧਾਉਣ ਦੀ ਮੰਗ ਰੱਖੀ ਸੀ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ 7 ਤੋਂ 10 ਦਿਨਾਂ ਵਿੱਚ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਰਾਜ ਦੀ ਸਰਕਾਰ ਦਿੱਲੀ ਵਿਚ ਕੋਰੋਨਾ ਮਾਮਲਿਆਂ ਦਾ ਕੰਟਰੋਲ ਹਾਸਿਲ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ । ਪ੍ਰਦੂਸ਼ਣ ਨੂੰ ਕੋਰੋਨਾ ਦੇ ਵੱਧ ਰਹੇ ਕੇਸਾਂ ਦਾ ਕਾਰਨ ਦੱਸਦਿਆਂ ਕਿਹਾ ਕਿ 20 ਅਕਤੂਬਰ ਤੱਕ ਸਥਿਤੀ ਸਾਡੇ ਨਿਯੰਤਰਣ ਅਧੀਨ ਸੀ, ਪਰ ਪ੍ਰਦੂਸ਼ਣ ਦਾ ਪੱਧਰ ਵਧਣ ਤੋਂ ਬਾਅਦ ਕੋਰੋਨਾ ਦੇ ਮਰੀਜ਼ਾਂ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ 13 ਨਵੰਬਰ ਨੂੰ ਦਿੱਲੀ ਵਿੱਚ ਕੋਰੋਨਾ ਦੇ 7082 ਨਵੇਂ ਕੇਸ ਸਾਹਮਣੇ ਆਏ ਸਨ, ਜਦਕਿ 91 ਲੋਕਾਂ ਦੀ ਮੌਤ ਹੋ ਗਈ ਸੀ। ਵੀਰਵਾਰ ਤੱਕ ਦਿੱਲੀ ਦੇ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 7423 ਹੋ ਗਈ । ਉੱਥੇ ਹੀ ਰਾਜ ਵਿੱਚ ਕੋਰੋਨਾ ਦੇ ਕੇਸ 4,74,830 ਹੋ ਗਏ ਹਨ।