Harpal singh cheema said : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਕਰੀਬ 4 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਬੀਤੇ ਦਿਨਾਂ ਵਿੱਚ ਪੰਜਾਬ ‘ਚ ਪੈ ਰਹੇ ਮੀਂਹ ਨੇ ਕਿਸਾਨਾਂ ਦੀਆ ਚਿੰਤਾਵਾਂ ਵਿੱਚ ਹੋਰ ਵੀ ਵਾਧਾ ਕਰ ਦਿੱਤਾ ਹੈ। ਹਲਕੇ ਮੀਂਹ ਤੋਂ ਬਾਅਦ ਤੇਜ਼ ਹਵਾਵਾਂ ਨੇ ਪੱਕਣ ‘ਤੇ ਆਈ ਫਸਲ ਵਿਛਾ ਦਿੱਤੀ ਹੈ। ਤੇਜ਼ ਹਵਾਵਾਂ ਕਾਰਨ ਕਣਕ ਅਤੇ ਸਰ੍ਹੋਂ ਦੀ ਫਸਲ ‘ਤੇ ਕਾਫੀ ਜਿਆਦਾ ਅਸਰ ਪਿਆ ਹੈ। ਖੇਤੀਬਾੜੀ ਮਾਹਿਰਾਂ ਅਨੁਸਾਰ ਕਣਕ ਦੇ ਝਾੜ ਉੱਪਰ ਵੀ ਇਸ ਦਾ ਅਸਰ ਪਵੇਗਾ। ਪਰ ਹੁਣ ਇਸ ਵਿਚਕਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਕਿਸਾਨਾਂ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕੇ ਕਿਸਾਨ ਕੇਂਦਰ ਸਰਕਾਰ ਦੇ ‘ਕਾਲੇ ਖੇਤੀਬਾੜੀ ਕਾਨੂੰਨਾਂ’ ਕਾਰਨ ਪ੍ਰੇਸ਼ਾਨ ਹੋ ਰਹੇ ਹਨ, ਤਾਂ ਸੂਬੇ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਥਾਂ ਉਦਯੋਗਪਤੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਜਿਸ ਤੋਂ ਬਾਅਦ ਹੁਣ ਬੇਮੌਸਮੀ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕੇ ਕਿਸਾਨਾਂ ‘ਤੇ ਹਰ ਪਾਸਿਓ ਮਾਰ ਪੈ ਰਹੀ ਹੈ, ਇਸ ਲਈ ਕਿਸਾਨਾਂ ਦੀਆ ਮੁਸ਼ਕਿਲਾਂ ਨੂੰ ਘਟਾਉਣ ਲਈ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੇ ਹਿਸਾਬ ਨਾਲ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਹਰਪਾਲ ਸਿੰਘ ਚੀਮਾ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਗੈਰ ਕਾਨੂੰਨੀ ਤਰੀਕਿਆਂ ਨਾਲ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਵੀ ਲਾਇਆ ਹੈ।