Agriculture Ordinances have : ਸੰਗਰੂਰ : ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕੀਤੇ ਜਾ ਚੁੱਕੇ ਹਨ ਤੇ ਹੁਣ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਖੇਤੀ ਬਿੱਲਾਂ ਸਬੰਧੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਹੁਣ ਕਿਸਾਨ ਆਪਣੀ ਫਸਲ ਕਿਤੇ ਵੀ ਜਾ ਕੇ ਵੇਚ ਸਕਦਾ ਹੈ। ਜਿਥੋਂ ਕਿਸਾਨ ਨੂੰ ਆਪਣੀ ਫਸਲ ਦੀ ਜ਼ਿਆਦਾ ਕੀਮਤ ਮਿਲੇ, ਵੇਚ ਸਕਦਾ ਹੈ ਪਰ ਸੰਗਰੂਰ ਵਿਖੇ ਕਿਸਾਨਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਦੀ ਫਸਲ ਨੂੰ ਹਰਿਆਣਾ ਸਰਕਾਰ ਵੱਲੋਂ ਨਹੀਂ ਖਰੀਦਿਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ‘ਚ ਰੋਸ ਪਾਇਆ ਜਾ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਇਹੀ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਇਹ ਬਿੱਲ ਕਿਸਾਨਾਂ ਦੇ ਹਿੱਤ ‘ਚ ਹਨ ਪਰ ਇਹ ਸਾਰੇ ਦਾਅਵੇ ਖੋਖਲੇ ਲੱਗ ਰਹੇ ਹਨ। ਸੰਗਰੂਰ ਦੀ ਮੁਲਕ ਮੰਡੀ ‘ਚ ਹਰਿਆਣਾ ਦੀ ਫਸਲ ਨੂੰ ਖਰੀਦਿਆ ਜਾ ਰਿਹਾ ਹੈ ਪਰ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਫਸਲ ਨੂੰ ਨਹੀਂ ਖਰੀਦਿਆ ਜਾ ਰਿਹਾ ਤੇ ਮੰਡੀਆਂ ‘ਚ ਵੀ ਉਨ੍ਹਾਂ ਨੂੰ ਸਹੀ ਰੇਟ ਨਹੀਂ ਮਿਲ ਰਿਹਾ ਜਿਸ ਕਾਰਨ ਉਹ ਇਸ ਚੀਜ਼ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ ਤੇ ਉਨ੍ਹਾਂ ਦੀ ਫਸਲ ਖਰਾਬ ਹੋ ਰਹੀ ਹੈ।
ਕਿਸਾਨਾਂ ਦੀ ਸ਼ਿਕਾਇਤ ਹੈ ਕਿ ਹਰਿਆਣਾ ਦੀ 80 ਫੀਸਦੀ ਫਸਲ ਖਰੀਦੀ ਜਾ ਰਹੀ ਹੈ ਜਦੋਂ ਕਿ ਪੰਜਾਬ ਦੇ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਇਸ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਕਿਸਾਨਾਂ ਨੇ ਰਾਜਿੰਦਰ ਕੌਰ ਭੱਠਲ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਇਸ ਮੁਸ਼ਕਲ ਦਾ ਹੱਲ ਕੀਤਾ ਜਾਵੇ । ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦੀ ਫਸਲ ਨੂੰ ਚੁੱਕਿਆ ਜਾਵੇ ਇਸ ਤੋਂ ਬਾਅਦ ਦੂਜੇ ਸੂਬਿਆਂ ਨੂੰ ਦੇਖਿਆ ਜਾਵੇ।