ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਸੈਨਿਕ ਫੌਜੀ ਬਲਦੇਵ ਸਿੰਘ ਨੂੰ ਉਮੀਦਵਾਰ ਐਲਾਨ ਕੇ ਜਿੱਥੇ ਸਾਬਕਾ ਸੈਨਿਕ ਵੀਰਾਂ ਦਾ ਮਾਣ ਵਧਾਇਆ, ਉੱਥੇ ਹਲਕੇ ਦੀ ਜਥੇਬੰਦੀ ਦੇ ਮਨਪਸੰਦ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਹਲਕੇ ਦੇ ਲੋਕਾਂ ਦੀ ਮੰਗ ਨੂੰ ਵੀ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਤਖਤੂਪੁਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਵਰਕਰਾਂ ਤੇ ਅਹੁਦੇਦਾਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਦਾ ਪਰਿਵਾਰ ਤਿੰਨ ਪੁਸ਼ਤਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਫਾਦਾਰੀ ਨਾਲ ਸੇਵਾ ਕਰਦਾ ਰਿਹਾ ਹੈ ਅਤੇ ਇਸ ਵਾਰ ਇਸ ਟਕਸਾਲੀ ਪਰਿਵਾਰ ਦੀ ਜਿੱਥੇ ਚੋਣ ਕੀਤੀ ਹੈ ਉੱਥੇ ਇੱਕ ਅੰਮ੍ਰਿਤਧਾਰੀ ਗੁਰਸਿੱਖ ਮਰਯਾਦਾ ਵਿੱਚ ਰਹਿ ਕੇ ਕੰਮ ਕਰਨ ਵਾਲੇ ਇਨਸਾਨ ਦੀ ਵੀ ਚੋਣ ਕੀਤੀ ਹੈ।
ਇਹ ਵੀ ਪੜ੍ਹੋ: ਪੁੰਛ ‘ਚ ਸ਼ਹੀਦ ਹੋਏ ਗੱਜਣ ਸਿੰਘ ਦਾ ਭਲਕੇ ਹੋਵੇਗਾ ਸਸਕਾਰ, ਦੋ ਦਿਨ ਬਾਅਦ ਛੁੱਟੀ ‘ਤੇ ਆਉਣਾ ਸੀ ਪਿੰਡ
ਇਸ ਮੌਕੇ ਪੰਜਾਬ ਸਰਕਾਰ ਤੇ ਵਰ੍ਹਦਿਆਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਦੀ ਆਪਸੀ ਲੜਾਈ ਕਿਸਾਨਾਂ ਉੱਪਰ ਭਾਰੂ ਪੈ ਰਹੀ ਹੈ। ਜਿੱਥੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਵੱਡੇ ਬਿਜਲੀ ਦੇ ਕੱਟ ਲੱਗ ਰਹੇ ਹਨ ਉਥੇ ਕਿਸਾਨਾਂ ਨੂੰ ਝੋਨੇ ਨੂੰ ਪਾਣੀ ਲਗਾਉਣ ਲਈ ਦੀ ਬਿਜਲੀ ਤੱਕ ਨਹੀਂ ਮਿਲ ਰਹੀ ਅਤੇ ਕਿਸਾਨ ਅੱਜ ਬਿਜਲੀ ਗਰਿੱਡਾਂ ਅੱਗੇ ਧਰਨੇ ਲਾਉਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫ਼ਤਾ ਕਿਸਾਨਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਂਦੀ ਤਾਂ ਕਿਸਾਨਾਂ ਦੀ ਕਣਕ ਦੀ ਬਿਜਾਈ ਸਮੇਂ ਵੀ ਪਾਣੀ ਦੀ ਲੋੜ ਨਹੀਂ ਪੈਣੀ ਸੀ। ਇਸ ਮੌਕੇ ਉਨ੍ਹਾਂ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਤਮਾਮ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣ ਤਾਂ ਜੋ ਪਿਛਲੇ ਸਾਢੇ ਚਾਰ ਸਾਲਾਂ ਚ ਵਿਕਾਸ ਪੱਖੋਂ ਪਛੜੇ ਹਲਕਾ ਨਿਹਾਲ ਸਿੰਘ ਵਾਲਾ ਨੂੰ ਫਿਰ ਤੋਂ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: CM ਚੰਨੀ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਪਾਰਟੀ ਹਾਈ ਕਮਾਂਡ ਸ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਦੇ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਇਸ ਵਾਰ ਹਲਕੇ ਲਈ ਇੱਕ ਸਾਫ-ਸੁਥਰੇ ਈਮਾਨਦਾਰ ਅਤੇ ਸਾਬਕਾ ਫ਼ੌਜੀ ਵਿਅਕਤੀ ਦੀ ਚੋਣ ਕਰ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਵਾਰ ਬਲਦੇਵ ਸਿੰਘ ਮਾਣੂੰਕੇ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ ।
ਦੱਸ ਦੇਈਏ ਕਿ ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਵਾਹਿਗੁਰੂ ਦਾ ਸ਼ੁਕਰ ਗੁਜ਼ਾਰ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਉਨ੍ਹਾਂ ਦੇ ਪਰਿਵਾਰ ਨੂੰ ਘਰ ਬੈਠਿਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਨੇ ਮਾਂ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਬੱਚਿਆਂ ਲਈ ਉੱਚ ਵਿੱਦਿਆ ਮੁਹੱਈਆ ਕਰਵਾਉਣ ਲਈ ਸਿੱਖਿਆ ਅਤੇ ਸਿਹਤ ਸੇਵਾਵਾਂ ਲਈ ਅੱਗੇ ਹੋ ਕੇ ਪ੍ਰਬੰਧ ਕਰਵਾਉਣਗੇ ਨਾਲ ਦੀ ਨਾਲ ਪਿੰਡਾਂ ਵਿੱਚੋਂ ਨਸ਼ੇ ਖਾਤਮੇ ਲਈ ਵੀ ਯਤਨ ਕਰਨਗੇ ਇਸ ਮੌਕੇ ਉਨ੍ਹਾਂ ਹਲਕੇ ਦੇ ਤਮਾਮ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪ ਖੁਦ ਬਲਦੇਵ ਸਿੰਘ ਬਣ ਕੇ ਚੋਣ ਮੁਹਿੰਮ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਤਾਂ ਜੋ ਇਸ ਹਲਕੇ ਵਿੱਚੋਂ ਵੱਡੀ ਲੀਡ ਨਾਲ ਚੋਣ ਜਿੱਤ ਸਕੀਏ।