ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਲੋਕ ਸਭਾ ‘ਚ ਮੈਂਬਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੌਮੀ ਰਾਜਧਾਨੀ ਦਿੱਲੀ ‘ਚ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ‘ਚ ਯੂਨੀਵਰਸਿਟੀ ਬਣਾਉਣ ਦੀ ਮੰਗ ਉੱਠੀ। ਪ੍ਰਸ਼ਨਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਅਕਾਲੀ ਦਲ ਦੀ ਮੈਂਬਰ ਹਰਸਿਮਰਤ ਬਾਦਲ, ਕਾਂਗਰਸ ਮੈਂਬਰਾਂ ਰਵਨੀਤ ਬਿੱਟੂ ਤੇ ਜਸਬੀਰ ਸਿੰਘ ਗਿੱਲ ਅਤੇ ਭਾਜਪਾ ਮੈਂਬਰ ਐੱਸ ਐੱਸ ਆਹਲੂਵਾਲੀਆ ਨੇ 9ਵੀਂ ਪਾਤਸ਼ਾਹੀ ਦੇ ਬਲਿਦਾਨ ਨੂੰ ਯਾਦ ਕੀਤਾ।
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਬਿੱਟੂ ਨੇ ਕਿਹਾ, “ਮੈਂ ਮੰਗ ਕਰਦਾ ਹਾਂ ਕਿ ਗੁਰੂ ਤੇਗ ਬਹਾਦਰ ਦੇ ਬਲਿਦਾਨ ਨੂੰ ਦੇਖਦਿਆਂ ਦਿੱਲੀ ‘ਚ ਕੌਮੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇ।” ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਠਿਆਲਾ ‘ਚ ਗੁਰੂ ਤੇਗ ਬਹਾਦਰ ਦਸਤਕਾਰੀ ਇੰਸਟੀਟਿਊਟ ਸਥਾਪਤ ਕਰਨ ਲਈ ਸਰਕਾਰ ਨੂੰ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਪਹਿਲਾਂ ਹੀ ਇਸ ਬਾਰੇ ਤਜਵੀਜ਼ ਭੇਜੀ ਹੋਈ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਇੰਸਟੀਟਿਊਟ ਸਥਾਪਤ ਕਰਨ ਲਈ ਜ਼ਮੀਨ ਅਤੇ ਇਮਾਰਤ ਦੇਵੇਗੀ।