ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ।
ਜ਼ਿਕਰਯੋਗ ਹੈ ਕੀ ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣਾ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਫੈਸਲਾ ਹੈ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕਿ ਸੀਟਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ, ਜਿਨ੍ਹਾਂ ਵਿੱਚੋਂ 97 ਸੀਟਾਂ ‘ਤੇ ਅਕਾਲੀ ਦਲ ਜਦਕਿ 20 ਸੀਟਾਂ ‘ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰੇ ਜਾਣਗੇ। ਬਸਪਾ ਮਾਝੇ ਵਿੱਚ 5, ਦੁਆਬੇ ‘ਚ 8 ਅਤੇ ਮਾਲਵੇ ਵਿੱਚ 7 ਸੀਟਾਂ ਉਤੇ ਚੋਣਾਂ ਲੜੇਗੀ। ਜਿਨ੍ਹਾਂ 20 ਸੀਟਾਂ ‘ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰੇ ਜਾਣਗੇ ਉਨ੍ਹਾਂ ਵਿੱਚ ਕਰਤਾਰਪੁਰ, ਜਲੰਧਰ ਵੈਸਟ, ਜਲੰਧਰ ਨੌਰਥ, ਫਗਵਾੜਾ, ਭੋਆ, ਅਨੰਦਪੁਰ ਸਾਹਿਬ, ਹੁਸਿ਼ਆਰਪੁਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂ ਸ਼ਹਿਰ, ਲੁਧਿਆਣਾ ਨੌਰਥ, ਪਠਾਨਕੋਟ, ਸੁਜਾਨਪੁਰ, ਮੋਹਾਲੀ, ਅੰਮ੍ਰਿਤਸਰ ਨੌਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸ਼ਾਮਿਲ ਹਨ।
ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ। ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।
ਇਹ ਵੀ ਪੜ੍ਹੋ : ਬਸਪਾ ਆਗੂ ਸਤੀਸ਼ ਚੰਦਰ ਮਿਸ਼ਰਾ ਦਾ ਵੱਡਾ ਬਿਆਨ ਕਿਹਾ BSP ਤੇ ਅਕਾਲੀ ਦਲ ਦਾ ਗੱਠਜੋੜ ਇਤਿਹਾਸਕ ਗੱਠਜੋੜ
ਜ਼ਿਕਰਯੋਗ ਹੈ ਕਿ ਇਸ ਸਮੇ ਪੰਜਾਬ ਦੀ ਸਿਆਸਤ ਵਿੱਚ ਪਹਿਲਾ ਹੀ ਹਲਚਲ ਮਚੀ ਹੋਈ ਹੈ। ਕਿਉਂਕ ਕਾਂਗਰਸ ਪਾਰਟੀ ਵੀ ਆਪਣੇ ਅੰਦਰੂਨੀ ਕਲੇਸ਼ ਵਿੱਚੋਂ ਗੁਜਰ ਰਹੀ ਹੈ, ਦਰਅਸਲ ਪੰਜਾਬ ਕਾਂਗਰਸ ਦੇ ਕੁੱਝ ਵੱਡੇ ਆਗੂਆਂ ਨੇ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਗੱਠਜੋੜ ਕਾਂਗਰਸ ਸਣੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਨੂੰ ਵੀ ਵਧਾ ਸਕਦਾ ਹੈ।
ਇਹ ਵੀ ਦੇਖੋ : Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ