ਚੰਡੀਗੜ੍ਹ : SAD ਵੱਲੋਂ ਲਗਾਤਾਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 7 ਦਿਨ ਦਾ ਅਲਟੀਮੇਟਮ ਦਿੱਤਾ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਜਿਸ ‘ਚ ਸਾਰੇ ਪੰਜਾਬ ਨੂੰ ਨੋਟੀਫਾਈਡ ਮੰਡੀ ਐਲਾਨਿਆ ਜਾਵੇ ਅਤੇ ਕੇਂਦਰ ਦੇ ਖੇਤੀਬਾੜੀ ਬਾਰੇ ਐਕਟ ਰੱਦ ਕੀਤੇ ਜਾਣ ਤੇ ਸੂਬੇ ਦਾ ਆਪਣਾ 2017 ‘ਚ ਸੋਧਿਆ ਏ ਪੀ ਐਮ ਸੀ ਐਕਟ ਰੱਦ ਕੀਤਾ ਜਾਵੇ। ਮੀਟਿੰਗ ‘ਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਹੀਰਾ ਸਿੰਘ ਗਾਬੜੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਹਰਮੀਤ ਸਿੰਘ ਕਾਲਕਾ ਮੌਜੂਦ ਸਨ।
ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ‘ਚ ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਬੁਲਾਉਣ ਤੋਂ ਨਾਂਹ ਕਰ ਦਿੱਤੀ ਤਾਂ ਫਿਰ ਪਾਰਟੀ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਕੋਰ ਕਮੇਟੀ ਦੀ ਮੀਟਿੰਗ ਵਿਚ ਲਏ ਫੈਸਲਿਆਂ ਦੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਪ੍ਰਮੁੱਖ ਸਲਾਹਕਾਰ ਸ਼੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦੇਣਾ ਮੁੱਖ ਮੰਤਰੀ ਵੱਲੋਂ ਖੇਤੀ ਬਿੱਲਾਂ ਖਿਲਾਫ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਕਾਰਨ ਜ਼ਰੂਰੀ ਸੀ। ਅਕਾਲੀ ਦਲ ਚਾਹੁੰਦਾ ਹੈ ਕਿ ਕੇਂਦਰ ਕਿਸਾਨਾਂ ਦੀ ਜਿਣਸ ਦੇ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ‘ਤੇ ਖਰੀਦ ਦੀ ਸੰਵਿਧਾਨਕ ਗਰੰਟੀ ਦੇਵੇ ਅਤੇ ਇਸਨੂੰ ਹੋਰ ਮੌਲਿਕ ਅਧਿਕਾਰਾਂ ਦੇ ਬਰਾਬਰ ਦਾ ਅਧਿਕਾਰ ਬਣਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਉਨ੍ਹਾਂ ਨਾਲ ਖੜ੍ਹੀ ਹੈ ਤੇ ਕਿਸਾਨਾਂ ਨਾਲ ਹੋਣ ਵਾਲੇ ਅਨਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਨੇ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਨੁਸੂਚਿਤ ਜਾਤੀ ਦੇ ਬੱਚਿਆਂ ਦੀਆਂ ਸਕਾਲਰਸ਼ਿਪ ਦਾ 69 ਕਰੋੜ ਰੁਪਏ ਦਾ ਘਪਲਾ ਕਰਨ ਦਾ ਦੋਸ਼ੀ ਪਾਏ ਜਾਣ ਦੇ ਬਾਵਜੂਦ, ਮੁੱਖ ਮੰਤਰੀ ਨੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਸਾਫ ਜ਼ਾਹਿਰ ਹੈ ਕਿ ਕਾਂਗਰਸ ਸਰਕਾਰ ਨੂੰ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਭ੍ਰਿਸ਼ਟਾਚਾਰ ਦੀ ਬਦੌਲਤ ਤਿੰਨ ਲੱਖ ਤੋਂ ਵਧੇਰੇ ਐਸ ਸੀ ਬੱਚਿਆਂ ਦੇ ਭਵਿੱਖ ‘ਤੇ ਪਏ ਅਸਰ ਦੀ ਕੋਈ ਪਰਵਾਹ ਨਹੀਂ ਹੈ। ਕੋਰ ਕਮੇਟੀ ਨੇ ਮੁੱਖ ਮੰਤਰੀ ਨੂੰ ਅਲਟੀਮੇਟਮ ਦਿੱਤਾ ਕਿ ਉਹ ਧਰਮਸੌਤ ਨੂੰ ਤੁਰੰਤ ਬਰਖ਼ਾਸਤ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਿਰੁੱਧ ਸੰਘਰਸ਼ ਕੀਤਾ ਜਾਵੇਗਾ।