ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦੇਸ਼ ਦੇ ਕਿਸਾਨਾਂ ਨਾਲ ਦੇਸ਼ ਦਾ ਪ੍ਰਧਾਨ ਮੰਤਰੀ ਹੀ ਅਨਿਆਂ ਕਰ ਰਿਹਾ ਹੈ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੁੰ ਹਊਮੈ ਤਿਆਗ ਕੇ ਅੰਨਦਾਤਾ ਪ੍ਰਤੀ ਅੜਬ ਰਵੱਈਆ ਨਹੀਂ ਅਪਣਾਉਣਾ ਚਾਹੀਦਾ।
ਇਥੇ ਸਪੀਕਰ ਵੱਲੋਂ ਸਦਨ ਮੁਲਤਵੀ ਕਰਨ ਲਈ ਮਜਬੂਰ ਹੋਣ ਤੋਂ ਬਾਅਦ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਰਵੱਈਆ ਸਿਹਤਮੰਦ ਲੋਕਤੰਤਰ ਲਈ ਚੰਗਾ ਨਹੀਂ ਹੈ।
‘ਸ਼ਰਮ ਕਰੋ, ਦੇਸ਼ ਕੇ ਅੰਨਦਾਤਾ ਕਾ ਅਪਮਾਨ ਬੰਦ ਕਰੋ’ ਵਰਗੇ ਨਾਅਰਿਆਂ ਵਾਲੀਆਂ ਤਖਤੀਆਂ ਚੁੱਕ ਕੇ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰਾਂ ਜਿਨ੍ਹਾਂ ਵਿਚ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸਨ, ਨੇ ਕਿਹਾ ਕਿ ਐਨ ਡੀ ਏ ਸਰਕਾਰ ਨੇ ਆਪਣੇ ਭਾਰੀ ਬਹੁਮਤ ਦੀ ਦੁਰਵਰਤੋਂ ਕਰ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਾ ਕੰਮ ਰੋਕੂ ਮਤਾ ਪੇਸ਼ ਕਰਨ ਦੀ ਮਨਾਹੀ ਕਰ ਦਿੱਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸੇ ਕਾਰਨ ਪਾਰਟੀ ਨੇ ਕੋਰੋਨਾ ਮਹਾਮਾਰੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੁੰ ਵੀ ਉਹ ਤਖਤੀਆਂ ਵਿਖਾਈਆਂ ਜਿਹਨਾਂ ’ਤੇ ਲਿਖਿਆ ਹੋਇਆ ਸੀ ਕਿ ਸਖ਼ਤ ਮਿਹਨਤ ਦੀ ਸ਼ਲਾਘਾ ਹੋਣੀ ਚਾਹੀਦੀ ਹੈ ਪਰ ਸਰਕਾਰ ਇਹਨਾਂ ਨੂੰ ਜ਼ਲੀਲ ਕਰ ਰਹੀ ਹੈ। ਉਨ੍ਹਾਂ ਦੇ ਨਾਲ ਸੀਨੀਅਰ ਐਮ ਪੀ ਬਲਵਿੰਦਰ ਸਿੰਘ ਭੂੰਦੜ ਤੇ ਨਰੇਸ਼ ਗੁਜਰਾਲ ਵੀ ਸਨ ਜਿਨ੍ਹਾਂ ਨੇ ਸਭ ਨੇ ਮੰਗ ਕੀਤੀ ਕਿ ਤਿੰਨੋਂ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ।
ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਕੱਲੀ ਅਜਿਹੀ ਪਾਰਟੀ ਹੈ ਜਿਸਨੇ ਸੰਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਤਿੰਨ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਵੀ ਕਾਂਗਰਸ ਪਾਰਟੀ ਨੇ ਹੋਰ ਸਾਰੇ ਮੁੱਦੇ ਤਾਂ ਉਭਾਰੇ ਪਰ ਕਿਸਾਨਾਂ ਦਾ ਮੁੱਦਾ ਨਹੀਂ ਉਭਾਰਿਆ ਤੇ ਸਪਸ਼ਟ ਕਰ ਦਿੱਤਾ ਕਿ ਐਨ ਡੀ ਏ ਸਰਕਾਰ ਵੀ ਅੰਨਦਾਤਾ ਦਾ ਅਪਮਾਨ ਕਰਨਾ ਚਾਹੁੰਦੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਮੁੱਦੇ ਚੁੱਕਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਕੱਲ੍ਹ ਵੀ ਤੇ ਅੱਜ ਵੀ ਕੰਮ ਰੋਕੂ ਮਤਾ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਸੰਵੇਦਨਸ਼ੀਲ ਮੁੱਦੇ ਨੁੰ ਚੁੱਕਣ ਲਈ ਹੋਰ ਤਰੀਕਿਆਂ ਦੀ ਵੀ ਵਰਤੋਂ ਕਰਾਂਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ਼ ਸੁਣੀ ਜਾ ਸਕੇ।
ਇਸ ਦੌਰਾਨ ਅਕਾਲੀ ਦਲ ਤੇ ਬਸਪਾ ਦੇ ਐਮ ਪੀਜ਼ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਐਨ ਡੀ ਏ ਸਰਕਾਰ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਮੰਨਣ ਤੋਂ ਇਨਕਾਰੀ ਹੈ ਤੇ ਇਸਨੇ ਸੰਘਰਸ਼ ਦੌਰਾਨ ਸ਼ਹੀਦ ਹੋਏ 500 ਤੋਂ ਜ਼ਿਆਦਾ ਕਿਸਾਨਾਂ ਦੇ ਪਰਿਵਾਰਾਂ ਨੁੰ ਮੁਆਵਜ਼ਾ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ਾਂਤੀਪੂਰਵਕ ਲਹਿਰ ਨੂੰ ਬਦਨਾਮ ਕਰਨ ਤੇ ਕੁਚਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਜੋ ਖੇਤੀਬਾੜੀ ਸੈਕਟਰ ਦਾ ਨਿਗਮੀਕਰਨ ਕਰਨਾ ਚਾਹੁੰਦੇ ਹਨ, ਦੇ ਅਨੁਸਾਰ ਨਹੀਂ ਚੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨ ਸਾਡੇ ਸੰਵਿਧਾਨ ਨਿਰਮਾਤਿਆਂ ਦੀ ਸੰਘੀ ਭਾਰਤ ਦੀ ਸੋਚ ਤੇ ਭਾਵਨਾ ਦੇ ਵੀ ਬਿਲਕੁਲ ਉਲਟ ਹੈ।
ਇਹ ਵੀ ਪੜ੍ਹੋ : ਬ੍ਰਹਮ ਮੋਹਿੰਦਰਾ ਨੇ ਸਿੱਧੂ ‘ਤੇ ਤੋੜੀ ਚੁੱਪੀ, ਕਿਹਾ ਉਦੋਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਕੈਪਟਨ ਨਾਲ ਮੁੱਦਿਆਂ ਨੂੰ ਸੁਲਝਾ ਨਹੀਂ ਲੈਂਦੇ