Writ petition against : ਚੰਡੀਗੜ੍ਹ : ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ।ਇਸ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਆਮ ਸਹਿਮਤੀ ਤੋਂ ਬਾਅਦ ਹੀ ਇਹ ਰਿਟ ਪਟੀਸ਼ਨ ਦਾਇਰ ਕੀਤੀ ਜਾਣੀ ਚਾਹੀਦੀ ਹੈ। ਉਂਝ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਉਂਝ ਸ਼੍ਰੋਮਣੀ ਅਕਾਲੀ ਦਲ ਦਾ ਇਸ ਰਿਟ ਪਟੀਸ਼ਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਹੜੀ ਕਿ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਜਮੇਰ ਸਿੰਘ ਲੱਖੋਵਾਲ ਗਰੁੱਪ ਨੇ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੀ ਕੋਈ ਸਲਾਹ ਨਹੀਂ ਕੀਤੀ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਇਸ ਨੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਸਾਰਿਆਂ ਦੀ ਰਾਏ ਲੈ ਕੇ ਇੱਕਜੁੱਟ ਹੋ ਕੇ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਜਿਸ ਵਿਚ ਉਨ੍ਹਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ, ਵੱਲੋਂ ਛੇਤੀ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਕੋਲੋਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਉਨ੍ਹਾਂ ਦੀ ਸਲਾਹ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਟੀਸ਼ਨ ਜਲਦੀ ‘ਚ ਦਾਇਰ ਕੀਤੀ ਗਈ ਹੈ ਤੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ‘ਚ ਰੱਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਗਰੁੱਪ ਨੂੰ ਪਹਿਲਾਂ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ ਅਤੇ ਪੰਜਾਬ ਤੇ ਹਰਿਆਣਾ ਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰਨੀਆਂ ਚਾਹੀਦੀਆਂ ਸੀ ਤਾਂ ਜੋ ਉਨ੍ਹਾਂ ਦੇ ਵਿਚਾਰਾਂ ਨੂੰ ਵੀ ਇਸ ‘ਚ ਸ਼ਾਮਲ ਕੀਤਾ ਜਾ ਸਕਦਾ।