ਹੜ੍ਹਾਂ ਦੌਰਾਨ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਕੇਂਦਰ ਤੋਂ ਮਦਦ ਦੀ ਉਮੀਦ ਕਰ ਰਿਹਾ ਹੈ। ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਇਸ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਸੂਬੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ ਅਤੇ ਆਪਣੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਸੂਬੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕੇਂਦਰ ਤੋਂ ਇੱਕ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਜਾਵੇਗੀ।
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਸਮੇਂ ਕੇਂਦਰ ਤੋਂ ਹਮਦਰਦੀ ਦੀ ਉਮੀਦ ਹੈ। ਇਸ ਸਮੇਂ, ਸਾਰੀਆਂ ਪਾਰਟੀਆਂ ਨੂੰ ਰਾਜਨੀਤੀ ਛੱਡ ਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਦੂਜੇ ਪਾਸੇ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ਤੁਰੰਤ ਕੇਂਦਰੀ ਸਹਾਇਤਾ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਦੀ ਗੰਭੀਰ ਸਥਿਤੀ ਨੂੰ ਵੀ ਉਜਾਗਰ ਕੀਤਾ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਭਾਰਤ ਦੀ ਖੁਰਾਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਇੱਕ ਵੱਡਾ ਸੂਬਾ ਹੈ। ਪਿਛਲੇ ਕਈ ਦਿਨਾਂ ਤੋਂ ਇੱਥੇ ਲਗਾਤਾਰ ਭਾਰੀ ਬਾਰਿਸ਼ ਅਤੇ ਉੱਚੇ ਪਹਾੜੀ ਇਲਾਕਿਆਂ ਵਿੱਚ ਜ਼ਿਆਦਾ ਬਾਰਿਸ਼ ਕਾਰਨ ਪੰਜਾਬ ਭਾਰੀ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਸਰਹੱਦੀ ਇਲਾਕਿਆਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਪਹਿਲਾਂ ਹੀ ਗੰਭੀਰ ਸਥਿਤੀ ਹੋਰ ਵੀ ਵਿਗੜ ਸਕਦੀ ਹੈ।
ਜਾਖੜ ਨੇ ਅਪੀਲ ਕੀਤੀ ਹੈ ਕਿ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੁਲਾਂਕਣ ਟੀਮਾਂ ਤੁਰੰਤ ਭੇਜੀਆਂ ਜਾਣ ਅਤੇ ਪੰਜਾਬ ਦੀ ਹੜ੍ਹ ਪ੍ਰਭਾਵਿਤ ਆਬਾਦੀ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।
ਇਹ ਵੀ ਪੜ੍ਹੋ : ਭਾਰਤੀ ਫੌਜ ਦਾ ਕਮਾਲ, 12 ਘੰਟਿਆਂ ‘ਚ ਤਿਆਰ ਕੀਤਾ ਹੜ੍ਹ ਨਾਲ ਤਬਾਹ ਹੋਇਆ ਪੁਲ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਭੇਜ ਕੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡ ਅਤੇ ਲੋਕਾਂ ਦੀ ਵਾਹੀਯੋਗ ਜ਼ਮੀਨ ਹੜ੍ਹਾਂ ਦੀ ਲਪੇਟ ਵਿੱਚ ਹੈ। ਕੇਂਦਰ ਸਰਕਾਰ ਨੂੰ ਜਲਦੀ ਹੀ ਪੰਜਾਬ ਦੀ ਸੁੱਧ ਲੈਣੀ ਚਾਹੀਦੀ ਹੈ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਦਿੱਤੇ ਗਏ ਕਰਜ਼ੇ ‘ਤੇ ਇੱਕ ਸਾਲ ਦਾ ਵਿਆਜ ਮੁਆਫ਼ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























