ਕਿਸਾਨ ਅੰਦੋਲਨ ਫਤਿਹ ਹੋਣ ਤੋਂ ਬਾਅਦ ਕਿਸਾਨ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਵਾਪਸੀ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਘਰ ਵਾਪਸੀ ਦਾ ਸੁਆਗਤ ਕਰਦਿਆਂ ਕਿਸਾਨ ਅੰਦੋਲਨ ਦੇ ਸਫਲ ਅੰਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਕਿਸਾਨ 380 ਦਿਨਾਂ ਦੀ ਤਪੱਸਿਆ, ਕੁਰਬਾਨੀ ਅਤੇ ਜਿੱਤ ਨਾਲ ਘਰ ਪਰਤ ਰਹੇ ਹਨ।
ਕੈਪਟਨ ਨੇ ਪੰਜਾਬ ਵਿੱਚ ਆਪਣੇ ਘਰਾਂ ਨੂੰ ਪਰਤਣ ਵਾਲੇ ਹਜ਼ਾਰਾਂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਅਨੁਸ਼ਾਸਨ, ਸੰਜਮ ਅਤੇ ਦਲੇਰੀ ਕਾਰਨ ਹੀ ਅੰਦੋਲਨ ਆਪਣੇ ਫੈਸਲਾਕੁੰਨ ਅੰਤ ਤੱਕ ਪਹੁੰਚਿਆ ਅਤੇ ਭਾਰਤ ਸਰਕਾਰ ਨੂੰ ਆਖਰਕਾਰ ਇਹ ਕਾਨੂੰਨ ਵਾਪਸ ਲੈਣੇ ਪਏ । ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ।
ਇਹ ਵੀ ਪੜ੍ਹੋ: 15 ਦਸੰਬਰ ਤੋਂ ਸਫਰ ਹੋਵੇਗਾ ਮਹਿੰਗਾ, ਕਿਸਾਨਾਂ ਦੇ ਧਰਨੇ ਚੁੱਕਦੇ ਹੀ ਟੋਲ ਟੈਕਸ ‘ਚ 5 ਫੀਸਦੀ ਵਾਧਾ
ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਵਿੱਚੋਂ ਕਈ ਵਾਅਦੇ ਪੂਰੇ ਕਰ ਚੁੱਕੇ ਹਨ ਅਤੇ ਹੁਣ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਬਾਕੀ ਰਹਿੰਦੇ ਵਾਅਦੇ ਪੂਰੇ ਕਰਨਾ ਸਰਕਾਰ ਦੇ ਹੱਥ ਵਿੱਚ ਹੈ। ਕੈਪਟਨ ਨੇ ਕਿਸੇ ਵੀ ਕੀਮਤ ‘ਤੇ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਉਹ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਣਗੇ। ਜਿਵੇਂ ਕਿ ਉਹ 2004 ਵਿੱਚ ਦੂਜੇ ਰਾਜਾਂ ਨਾਲ ਪਾਣੀ ਵੰਡ ਸਮਝੌਤਿਆਂ ਨੂੰ ਰੱਦ ਕਰਨ ਲਈ ਪੰਜਾਬ ਟਰਮੀਨੇਸ਼ਨ ਆਫ਼ (ਵਾਟਰ ਸ਼ੇਅਰਿੰਗ) ਐਗਰੀਮੈਂਟ 2004 ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਾਡਾ ਉਦੇਸ਼ ਪੂਰਾ ਹੋ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਨਾਲ ਸਾਡੇ ਕਿਸਾਨ ਭਾਈਚਾਰੇ ਨੂੰ ਸੰਤੁਸ਼ਟੀ ਮਿਲੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਬਕਾਇਆ ਵਾਅਦਿਆਂ ਨੂੰ ਪੂਰਾ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪਹਿਲਾਂ ਕਰੋਨਾ ਮਹਾਂਮਾਰੀ ਅਤੇ ਉਨ੍ਹਾਂ ਦੇ ਪਿੱਛੇ ਹਟਣ ਕਾਰਨ ਕੁਝ ਮੰਗਾਂ ਅਜੇ ਪੂਰੀਆਂ ਹੋਣੀਆਂ ਬਾਕੀ ਹਨ, ਜੋ ਨਵੀਂ ਸਰਕਾਰ ਨੂੰ ਹੁਣ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: