ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਪੁਲਿਸ ਜਿਲ੍ਹਾ ਬਟਾਲਾ ਦੇ ਪਿੰਡ ਭੋਮਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਆਸਟ੍ਰੀਆ ਤੋਂ ਡਿਪੋਰਟ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਦੇ ਹੀ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਕਤਲ ਦੀ ਕੋਸ਼ਿਸ਼, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਅਤੇ ਅਸਲਾ ਐਕਟ ਨਾਲ ਸਬੰਧਤ ਕੇਸਾਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਦੇਸ਼ ਨਿਕਾਲਾ ਦੇਣਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇੱਕ ਅਹਿਮ ਕਦਮ ਹੈ। ਡੀਜੀਪੀ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਦੀ ਪੂਰੀ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨਾਲ ਲੁੱਟ, 2 ਅਣਪਛਾਤੇ ਲੁਟੇਰੇ ਸੋਨਾ ਖੋਹ ਕੇ ਹੋਏ ਫਰਾਰ
ਇਸ ਸਬੰਧੀ SSP ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜੋ ਕਿ ਕਈ ਕੇਸਾਂ ਵਿੱਚ ਭਗੌੜਾ ਹੈ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਸ ਨੇ ਉੱਥੇ ਸਿਆਸੀ ਸ਼ਰਨ ਲਈ ਵੀ ਅਰਜ਼ੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਅਧਿਕਾਰੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਤੋਂ ਬਾਅਦ, ਉਸਨੂੰ ਨਿਆਂ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਭਾਰਤ ਵਾਪਸ ਲਿਆਂਦਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: