ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵਕੀਲਾਂ ਨੂੰ ਸੰਬੋਧਿਤ ਕੀਤਾ । ਆਪਣੇ ਇਸ ਸੰਬੋਧਨ ਦੌਰਾਨ ਉਨ੍ਹਾਂ ਵੱਲੋਂ ਵਕੀਲਾਂ ਲਈ ਦੋ ਗਾਰੰਟੀਆਂ ਦਾ ਐਲਾਨ ਕੀਤਾ ਗਿਆ।
ਕੇਜਰੀਵਾਲ ਨੇ ਵਕੀਲਾਂ ਨੂੰ ਦੋ ਵੱਡੀਆਂ ਗਾਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਵਕੀਲਾਂ ਦਾ ਮੈਡੀਕਲ ਇੰਸ਼ੋਰੈਂਸ ਅਤੇ ਚੈਂਬਰ ਬਣਵਾ ਕੇ ਦਿੱਤੇ ਜਾਣਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਹਾਈਕੋਰਟ ਦੇ ਬੈਂਚ ਬਣਾਉਣ ਅਤੇ ਸਟਾਈਪਲਡ ਦੇਣ ਦਾ ਐਲਾਨ ਵੀ ਕੀਤਾ । ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣਨ ’ਤੇ ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ।
ਉਥੇ ਹੀ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਰੇ ਵਕੀਲਾਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਨ ਦਾ ਵੀ ਸੱਦਾ ਦਿੱਤਾ ਗਿਆ ਹੈ । ਉਨ੍ਹਾਂ ਨੇ ਵਕੀਲਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਹ ਇਥੇ ਕੋਈ 2-4 ਵਾਅਦੇ ਕਰਨ ਨਹੀਂ ਸਗੋਂ ਉਨ੍ਹਾਂ ਨਾਲ ਰਿਸ਼ਤੇ ਬਣਾਉਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਦਿੱਲੀ ਨੂੰ ਵੀ ਸੰਵਾਰਿਆ ਹੈ ।
ਵੀਡੀਓ ਲਈ ਕਲਿੱਕ ਕਰੋ -: