ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਰਾਏ ਸ੍ਰੀ ਗੁਰੂ ਰਾਮਦਾਸ ਵਿਖੇ ਇੱਕ ਨੌਜਵਾਨ ਨੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਪੰਜ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੂੰ ਜ਼ਖਮੀ ਕਰ ਦਿੱਤਾ। ਘਟਨਾ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੜੇ ਗਏ ਹਮਲਾਵਰ ਦੀ ਪਛਾਣ ਜ਼ੁਲਫਾਨ ਵਾਸੀ ਯਮੁਨਾਨਗਰ, ਹਰਿਆਣਾ ਵਜੋਂ ਹੋਈ ਹੈ। ਜੋ ਪਿਛਲੇ 2-3 ਦਿਨਾਂ ਤੋਂ ਅੰਮ੍ਰਿਤਸਰ ਆਇਆ ਹੋਇਆ ਸੀ। ਸ਼ੁੱਕਰਵਾਰ ਦੁਪਹਿਰ ਨੂੰ ਉਹ ਅਚਾਨਕ ਸ੍ਰੀ ਦਰਬਾਰ ਸਾਹਿਬ ਦੀ ਦੂਜੀ ਮੰਜ਼ਿਲ ‘ਤੇ ਚੜ੍ਹ ਗਿਆ। ਉਸ ਦੇ ਹੱਥ ਵਿਚ ਲੋਹੇ ਦੀ ਰਾਡ ਸੀ। ਹੱਥ ਵਿੱਚ ਲੋਹੇ ਦੀ ਰਾਡ ਦੇਖ ਕੇ ਜਦੋਂ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ੀ ਨੂੰ ਰੋਕਿਆ ਤਾਂ ਉਸ ਨੇ ਸੇਵਾਦਾਰ ’ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਸਰਾਏ ਵਿੱਚ ਮੌਜੂਦ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਅਤੇ ਨੇੜੇ ਖੜ੍ਹੇ ਸ਼ਰਧਾਲੂਆਂ ਨੇ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਇਸ ਪੂਰੀ ਘਟਨਾ ਵਿੱਚ ਸੇਵਾਦਾਰ ਜਸਬੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਦਕਿ 4 ਹੋਰ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਸੇਵਾਦਾਰਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਝੜਪ ਵਿੱਚ ਸ਼੍ਰੋਮਣੀ ਕਮੇਟੀ ਦੇ ਕੁਝ ਸੇਵਾਦਾਰ ਅਤੇ ਸ਼ਰਧਾਲੂ ਜ਼ਖ਼ਮੀ ਵੀ ਹੋਏ ਹਨ। ਦੋਸ਼ੀ ਦੇ ਘਰ ਵੀ ਸੰਪਰਕ ਕੀਤਾ ਗਿਆ। ਜਿੱਥੋਂ ਸੂਚਨਾ ਮਿਲੀ ਕਿ ਮੁਲਜ਼ਮ ਦੋ-ਤਿੰਨ ਦਿਨਾਂ ਤੋਂ ਅੰਮ੍ਰਿਤਸਰ ਲਈ ਘਰੋਂ ਨਿਕਲਿਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਰਨਾਲਾ ‘ਚ ਜ਼ੋਰਦਾਰ ਧਮਾਕੇ ਨਾਲ ਉਡੀ ਘਰ ਦੀ ਛੱਤ, ਹੋਇਆ 8 ਲੱਖ ਦਾ ਨੁਕਸਾਨ
ਹਮਲੇ ‘ਚ ਜ਼ਖਮੀ ਹੋਏ ਲੋਕਾਂ ਨੂੰ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਹਸਪਤਾਲ ਐਸ.ਜੀ.ਪੀ.ਸੀ. ਵੱਲੋਂ ਚਲਾਇਆ ਜਾਂਦਾ ਹੈ। ਡਾ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਸਪਤਾਲ ‘ਚ 5 ਜ਼ਖਮੀ ਮਰੀਜ਼ਾਂ ਨੂੰ ਲਿਆਂਦਾ ਗਿਆ ਹੈ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਆਈ.ਸੀ.ਯੂ. ਵਿਚ ਭਰਤੀ ਕੀਤਾ ਗਿਆ ਹੈ। ਉਸ ਨੂੰ ਕਈ ਟਾਂਕੇ ਲੱਗੇ ਹਨ ਅਤੇ ਜਦੋਂ ਉਹ ਸਥਿਰ ਹੋ ਜਾਵੇਗਾ ਤਾਂ ਉਸ ਦਾ ਸੀਟੀ ਸਕੈਨ ਕਰਵਾਇਆ ਜਾਵੇਗਾ। ਬਾਕੀ ਚਾਰ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੀ ਚੌਕਸ ਹੋ ਗਈ ਹੈ। ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸ਼ਾਂਤ ਰਹਿਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਘਟਨਾ ਪਿੱਛੇ ਹਮਲਾਵਰ ਦਾ ਇਰਾਦਾ ਕੀ ਸੀ ਅਤੇ ਕੀ ਇਹ ਇੱਕ ਯੋਜਨਾਬੱਧ ਹਮਲਾ ਸੀ।
ਵੀਡੀਓ ਲਈ ਕਲਿੱਕ ਕਰੋ -:
