ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਸੰਘਰਸ਼ ਦੌਰਾਨ ਲਗਭਗ 500 ਤੋਂ ਵੱਧ ਕਿਸਾਨ ਸ਼ਹਾਦਤ ਦੇ ਚੁੱਕੇ ਹਨ। ਇਸੇ ਵਿਚਾਲੇ ਇੱਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
ਦਰਅਸਲ, ਮਲੇਰਕੋਟਲਾ ਦੇ ਇੱਕ ਕਿਸਾਨ ਦੀ ਦਿੱਲੀ ਧਰਨੇ ਤੋਂ ਵਾਪਸ ਆਉਂਦਿਆਂ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਖਾਂ ਨੇ ਦੱਸਿਆ ਕਿ 50 ਸਾਲਾਂ ਲਾਲ ਦੀਨ ਵਾਸੀ ਪਿੰਡ ਅਜ਼ੀਮਾਬਾਦ (ਸੰਘੈਣ) ਇੱਕ ਹਫ਼ਤਾ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਗਿਆ ਸੀ।
ਇਹ ਵੀ ਪੜ੍ਹੋ: ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਵਿੱਚ ਜਾ ਕੇ ਲਾਲ ਦੀਨ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਕਾਰਨ ਉਸ ਨੂੰ ਵਾਪਸ ਪਿੰਡ ਪਰਤਣਾ ਪਿਆ।
ਜਿਸ ਤੋਂ ਬਾਅਦ ਮੁੱਢਲੀ ਸਹਾਇਤਾ ਦੇਣ ਲਈ ਉਸਨੂੰ ਅਹਿਮਦਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਕਿਸਾਨ ਆਗੂਆਂ ਵੱਲੋਂ ਸਰਕਾਰ ਰੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।