ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਮੁਆਫ਼ੀ ਪਟੀਸ਼ਨ ’ਤੇ ਦੋ ਮਹੀਨਿਆਂ ਵਿੱਚ ਫ਼ੈਸਲਾ ਕਰਨ ਲਈ ਕਿਹਾ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਸਾਲ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਉਹ 26 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਰਹਿਮ ਪਟੀਸ਼ਨ 9 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ । ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੁਆਫੀ ‘ਤੇ ਫੈਸਲਾ ਲੈਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।
ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਵਿਰੋਧ ਜਤਾਇਆ ਸੀ।
ਇਹ ਵੀ ਪੜ੍ਹੋ: ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ
ਗੌਰਤਲਬ ਹੈ ਕਿ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਰਾਜੋਆਣਾ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਪੰਜਾਬ ਦਾ ਭਵਿੱਖ ਖਰਾਬ ਹੋ ਸਕਦਾ ਹੈ। ਬਿੱਟੂ ਨੇ ਪੱਤਰ ਵਿੱਚ ਲਿਖਿਆ ਸੀ ਕਿ ਰਾਜੋਆਣਾ ਨੂੰ ਮੁਆਫ਼ੀ ਦੇਣ ਦਾ ਫੈਸਲਾ ਬਹੁਤ ਗਲਤ ਸੰਦੇਸ਼ ਦੇਵੇਗਾ । ਇਹ ਫੈਸਲਾ ਦੇਸ਼ ਦੇ ਦੁਸ਼ਮਣਾਂ ਨੂੰ ਸਾਡੀ ਮਾਤ ਭੂਮੀ ਵਿਰੁੱਧ ਘਿਨਾਉਣੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਲਈ ਉਤਸ਼ਾਹਿਤ ਕਰੇਗਾ ।
ਵੀਡੀਓ ਲਈ ਕਲਿੱਕ ਕਰੋ -: