ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਇਸ ਨੂੰ ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਸ਼ੁੱਕਰਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ, ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ। ਭਗਵੰਤ ਮਾਨ ਨੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਗਿਣਮਿਥ ਕੇ ਘਟਾਈ ਜਾ ਰਹੀ ਅਹਿਮੀਅਤ ਵਾਲੀ ਕੇਂਦਰੀ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਫ਼ੈਸਲੇ ਸਣੇ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ।
ਮਾਨ ਨੇ ਕਿਹਾ, “ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜਿਸ਼ਾਂ ਹੋਈਆਂ। ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ।”
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਹੱਕ ‘ਚ ਦਿੱਤੇ ਗਏ ਫਤਵੇ ਦਾ 10 ਮਾਰਚ ਨੂੰ ਐਲਾਨ ਹੋਣ ਤੋਂ ਬਾਅਦ ਪੰਜਾਬ ਦੇ ਹੱਕ-ਹਕੂਕਾਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਪੰਜਾਬ ਦੇ ਹਿੱਤਾਂ ਦੀ ਹਰ ਪੱਖੋਂ ਰਾਖੀ ਲਈ ਪੂਰੀ ਵਾਹ ਲਗਾਈ ਜਾਵੇਗੀ।