ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਆਪਣੀ ਮਾਤਾ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ । ਇਸ ਦੌਰਾਨ ਉਨ੍ਹਾਂ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਧੂਰੀ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਵਰਗਾ ਪਿਆਰ ਦੇਣਗੇ।
ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਧੂਰੀ ਕ੍ਰਾਂਤੀਕਾਰੀਆਂ ਤੇ ਸ਼ਾਇਰਾਂ ਦਾ ਇਲਾਕਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ ਇਸ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿੱਤਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਧੂਰੀ ਨੂੰ ਮਾਡਲ ਬਣਾਉਣਗੇ, ਜੋ ਸਮੱਸਿਆ ਧੂਰੀ ਵਿੱਚ ਹੈ, ਓਹੀ ਪੰਜਾਬ ਵਿੱਚ ਹੈ।
ਗੌਰਤਲਬ ਹੈ ਕਿ ਭਗਵੰਤ ਮਾਨ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 18 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦੱਸਿਆ ਕਿ ‘ਆਪ’ ਨੇ ਫੈਸਲਾ ਕੀਤਾ ਹੈ ਕਿ 2022 ਦੀਆਂ ਪੰਜਾਬ ਚੋਣਾਂ ਲਈ ਸਾਡੇ ਮੁੱਖ ਮੰਤਰੀ ਉਮੀਦਵਾਰ ਧੂਰੀ ਹਲਕੇ ਤੋਂ ਚੋਣ ਲੜਨਗੇ। ਕਾਮੇਡੀਅਨ ਤੋਂ ਸਿਆਸਤਦਾਨ ਬਣੇ 48 ਸਾਲਾਂ ਮਾਨ ਸੰਗਰੂਰ ਸੰਸਦੀ ਹਲਕੇ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: