ਪੰਜਾਬ ਬਜਟ ਇਜਲਾਸ ਦਾ ਮੰਗਲਵਾਰ ਨੂੰ ਚੌਥਾ ਦਿਨ ਹੈ। ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਮੁੱਦਾ ਚੁੱਕਿਆ ਗਿਆ। ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦਾ ਵਿਰੋਧ ਕਰਨ ਲਈ ਸੂਬਾ ਸਰਕਾਰ ਵੱਲੋਂ ਜਲਦ ਹੀ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ । CM ਮਾਨ ਨੇ ਕਿਹਾ ਕਿ ਅਗਨੀਪੱਥ ਸਕੀਮ ਐਨਡੀਏ ਸਰਕਾਰ ਦਾ ਇੱਕ ਤਰਕਹੀਣ ਕਦਮ ਹੈ ਜੋ ਭਾਰਤੀ ਫ਼ੌਜ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਐਨਡੀਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇੱਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾਮੁਕਤ ਹੋ ਜਾਵੇਗਾ।
ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ। ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ ‘ਤੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ‘ਅਗਨੀਪਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨ੍ਹਾਂ ਸੋਚੇ ਸਮਝੇ ਕਰ ਰਹੀ ਹੈ।
ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ,”ਭਾਜਪਾ ਸਰਕਾਰ ਦੀ ਅਗਨੀਪਥ ਯੋਜਨਾ ਇੱਕ ਬੇਹੱਦ ਤਰਕਹੀਣ ਕਦਮ ਹੈ..ਜੋ ਭਾਰਤੀ ਫੌਜ ਦੇ ਤਾਣੇ-ਬਾਣੇ ਨੂੰ ਬੁਰੀ ਤਰ੍ਹਾਂ ਤਬਾਹ ਕਰ ਦੇਵੇਗੀ। ਅਸੀਂ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਯੋਜਨਾ ਖ਼ਿਲਾਫ਼ ਬਹੁਤ ਜਲਦ ਵਿਧਾਨ ਸਭਾ ‘ਚ ਮਤਾ ਲੈ ਕੇ ਆਵਾਂਗੇ। ਮੈਂ ਇਸਦੇ ਲਈ ਸਾਰੀਆਂ ਪਾਰਟੀਆਂ ਦੇ ਸਮਰਥਨ-ਸਹਿਯੋਗ ਦੀ ਮੰਗ ਵੀ ਕਰਦਾ ਹਾਂ।”
ਵੀਡੀਓ ਲਈ ਕਲਿੱਕ ਕਰੋ -: