‘ਆਪ’ ਦੀ ਜਿੱਤ ਦੀ ਖੁਸ਼ੀ ਵਿੱਚ ਭਗਵੰਤ ਮਾਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਭਗਵੰਤ ਮਾਨ ਨੇ ਸੰਗਰੂਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਈਮਾਨਦਾਰ ਰਾਜਨੀਤੀ ਦੇ ਪੱਖ ‘ਚ ਫਤਵਾ ਦੇਣ ਲਈ ਪੰਜਾਬ ਦੇ ਸ਼ੁੱਭ ਚਿੰਤਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਾਅਦਾ ਕੀਤਾ ਕਿ ਤੁਸੀਂ ਆਪਣਾ ਫਰਜ਼ ਨਿਭਾਇਆ ਹੈ ਤੇ ਹੁਣ ਮੇਰੀ ਵਾਪਸੀ ਹੈ। ਇੱਕ ਮਹੀਨੇ ਦੇ ਅੰਦਰ-ਅੰਦਰ ਤੁਸੀਂ ਬਦਲਾਅ ਦੇਖਣਾ ਸ਼ੁਰੂ ਕਰ ਦਿਓਗੇ। ਇਸ ਮੌਕੇ ਭਗਵੰਤ ਮਾਨ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਦਫਤਰ ਵਿਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਬੀ.ਆਰ.ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਏਗੀ ਤੇ ਨਾਲ ਹੀ ਉਨ੍ਹਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਏਗੀ।
ਵੀਡੀਓ ਲਈ ਕਲਿੱਕ ਕਰੋ -: