Bhartiya Kisan Union : ਸੰਗਰੂਰ : ਖੇਤੀ ਕਾਨੂੰਨਾਂ ਦਾ ਮਾਮਲਾ ਬਹੁਤ ਗਰਮਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪਹਿਲਾਂ ਸੁਪਰੀਮ ਕੋਰਟ ‘ਚ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਬਾਅਦ ‘ਚ ਇਸ ਰਿਟ ਪਟੀਸ਼ਨ ਨੂੰ ਵਾਪਸ ਲੈ ਲਿਆ ਗਿਆ ਪਰ ਹੁਣ ਇਹ ਮਾਮਲਾ ਜਥੇਬੰਦੀ ਵਿਚ ਬਗ਼ਾਵਤ ਦਾ ਕਾਰਨ ਬਣ ਗਿਆ ਹੈ। ਇਸ ਮੁੱਦੇ ‘ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ, ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਘਨੌਰ, ਕੁਲਦੀਪ ਸਿੰਘ, ਬਹੁਗਿਣਤੀ ਬਲਾਕ ਪ੍ਰਧਾਨਾਂ ਸਣੇ ਢਾਈ ਦਰਜਨ ਦੇ ਕਰੀਬ ਪ੍ਰਮੁੱਖ ਅਹੁਦੇਦਾਰਾਂ ਨੇ ਪਾਰਟੀ ਦੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਜਰਨੈਲ ਸਿੰਘ ਜਹਾਂਗੀਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਦੱਸਿਆ ਹੈ ਕਿ ਇੱਕ ਪਾਸੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਰੇਲ ਰੋਕੋ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਥਾਂ-ਥਾਂ ‘ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਬੀ. ਕੇ. ਯੂ. ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਨਾਲ ਬਿਨਾਂ ਸਲਾਹ-ਮਸ਼ਵਰੇ ਕੀਤੇ ਸੁਪਰੀਮ ਕੋਰਟ ਜਾ ਕੇ ਕਿਸਾਨ ਸੰਘਰਸ਼ਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਅੱਜ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ‘ਚ ਜ਼ਿਲ੍ਹੇ ਦੀ ਸਾਰੀ ਇਕਾਈ ਨੇ ਇਕੱਠੀ ਹੋ ਕੇ ਸੰਘਰਸ਼ ਦੀ ਨਵੀਂ ਰਣਨੀਤੀ ਤਿਆਰ ਕੀਤੀ ਅਤੇ ਲੱਖੋਵਾਲ ਹਾਈਕਮਾਨ ਨੂੰ ਲਿਖਤੀ ਅਸਤੀਫਿਆਂ ‘ਤੇ ਵਰਕਰਾਂ ਦੇ ਵੀ ਦਸਤਖਤ ਕਰਵਾਏ। ਰੋਹ ‘ਚ ਆਏ ਕਿਸਾਨਾਂ ਨੇ ਸਖ਼ਤ ਨੋਟਿਸ ਲੈਂਦਿਆ ਕਿਹਾ ਕਿ ਇਹ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਸੰਗਰੂਰ ਦੇ ਕਿਸੇ ਵੀ ਜ਼ਿਲ੍ਹਾ ਅਹੁਦੇਦਾਰ ਨਾਲ ਗੱਲ ਤੱਕ ਨਹੀਂ ਕੀਤੀ ਗਈ। ਕੇਂਦਰ ਵੱਲੋਂ ਭਾਵੇਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਸਬੰਧੀ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਹੈ ਪਰ ਕਿਸਾਨਾਂ ਸੰਘਰਸ਼ ਕਮੇਟੀ ਨੇ ਕੇਂਦਰ ਦੇ ਇਸ ਪ੍ਰਸਤਾਵ ਨੂੰ ਨਾਮਨਜ਼ੂਰ ਕਰ ਦਿੱਤਾ ਹੈ।