ਚੰਡੀਗੜ੍ਹ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਪੰਜਾਬ ਚੋਣਾਂ ਦੇ ਸਹਿ-ਇੰਚਾਰਜ ਹਰਦੀਪ ਸਿੰਘ ਪੁਰੀ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਆਯੋਜਿਤ ਮੀਟਿੰਗ, ਜਿਸ ਵਿਚ ਸੂਬੇ ਭਰ ਤੋਂ ਵਰਕਰਾਂ ਨੇ ਸ਼ਮੂਲੀਅਤ ਕੀਤੀ, ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ, ਪੰਜਾਬੀਆਂ ਖਾਸ ਕਰਕੇ ਪੰਜਾਬ ਦੀ ਸਿੱਖ ਕੌਮ ਨਾਲ ਡੂੰਘਾ ਪਿਆਰ ਹੈI ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਪੰਜਾਬ ਅਤੇ ਪੰਜਾਬੀਆਂ ਲਈ ਇਤਿਹਾਸਕ ਕੰਮ ਕੀਤੇ ਹਨ।
ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੂਰੇ ਵਿਸ਼ਵ ਦੇ ਸਿੱਖ ਭਾਈਚਾਰੇ ਸਮੇਤ ਪੰਜਾਬ ਦੇ ਹਰ ਵਰਗ ਵੱਲੋਂ ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪਵਿੱਤਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੀ ਕਾਫੀ ਦੇਰ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬਣਵਾ ਕੇ ਪੂਰਾ ਕੀਤਾ ਅਤੇ ਸੰਗਤਾਂ ਨੂੰ ਬਿਨਾਂ ਵੀਜ਼ੇ ਦੇ ਸੜਕੀ ਮਾਰਗ ਰਾਹੀਂ ਪਵਿੱਤਰ ਅਸਥਾਨ ਗੁਰੁਦਵਾਰਾ ਸ਼੍ਰੀ ਨਨਕਾਣਾ ਸਾਹਿਬ ਜੀ ਤੱਕ ਜਾਣ ਦਾ ਰਸਤਾ ਚਾਲੂ ਕੀਤਾ। ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰੀਬ 35 ਸਾਲ ਪਹਿਲਾਂ ਕੀਤੀ ਗਈ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਇੱਕ ਐਸਆਈਟੀ (SIT) ਬਣਾ ਕੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਸਿਹਰਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
ਵਿਦੇਸ਼ਾਂ ਵਿੱਚ ਵਸੇ ਭਾਰਤੀਆਂ ਨੂੰ ਵਾਪਸ ਭਾਰਤ ਆਉਣ ਲਈ ਮੋਦੀ ਸਰਕਾਰ ਵੱਲੋਂ ਕਾਲੀ ਸੂਚੀ ਵੀ ਖ਼ਤਮ ਕਰ ਦਿੱਤੀ ਗਈ। ਵਿਦੇਸ਼ਾਂ ਵਿੱਚ ਵਸਦੀ ਸੰਗਤ ਨੂੰ ਆਪਣੇ ਦਸਵੰਧ ਗੁਰੂ ਸਾਹਿਬ ਦੀ ਗੋਲਕ ਵਿੱਚ ਸਿੱਧੇ ਭੇਜਣ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਐਫ.ਸੀ.ਆਰ.ਏ ਦੇ ਕੇ ਸੰਗਤਾਂ ਦੇ ਦਿਲ ਦੀ ਇੱਛਾ ਵੀ ਮੋਦੀ ਸਰਕਾਰ ਨੇ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਲੰਗਰ ਨੂੰ ਜੀ.ਐਸ.ਟੀ. ਤੋਂ ਬਾਹਰ ਕਢਣਾ, ਬਠਿੰਡਾ ਵਿਖੇ ਸਾਰੀਆਂ ਆਧੁਨਿਕ ਸਹੂਲਤਾਂ ਵਾਲਾ ਏਮਜ਼ ਹਸਪਤਾਲ, ਅੰਮ੍ਰਿਤਸਰ ਵਿਖੇ ਆਈ.ਆਈ.ਐਮ., ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਪੀ.ਜੀ.ਆਈ. ਦੇ ਸੈਟੇਲਾਈਟ ਕੇਂਦਰ, ਪੰਜਾਬ ‘ਚ ਦੋ ਨਵੇਂ ਹਵਾਈ ਅੱਡੇ, ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੈਰ ਸਪਾਟੇ ਦੇ ਨਵੇਂ ਸਰਕਟ ਅਤੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਪ੍ਰੋਜੈਕਟਾਂ ਤਹਿਤ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਇਸ ਤੋਂ ਇਲਾਵਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕਈ ਅਹਿਮ ਫੈਸਲੇ ਅਤੇ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਪੰਜਾਬ ਦੇ ਧਰਾਤਲ ’ਤੇ ਉਤਾਰਿਆ ਜਾਵੇਗਾ। ਜਿਸ ਕਾਰਨ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਵਧਿਆ ਹੈ।