mea statement on trudeau: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਕਈ ਕੈਨੇਡੀਅਨ ਨੇਤਾਵਾਂ ਨੇ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਹੋਏ ਕਿਸਾਨਾਂ ਦੇ ਪ੍ਰਦਰਸ਼ਨਾਂ ‘ਤੇ ਟਿੱਪਣੀ ਕੀਤੀ ਹੈ। ਜਿਸ ਤੋਂ ਬਾਅਦ ਹੁਣ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ ਹੈ। ਭਾਰਤ ਨੇ ਅਜਿਹੀਆਂ ਟਿੱਪਣੀਆਂ ਨੂੰ ਗੈਰ ਜ਼ਰੂਰੀ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਅਸੀਂ ਭਾਰਤ ਦੇ ਕਿਸਾਨਾਂ ਬਾਰੇ ਕੁੱਝ ਕੈਨੇਡੀਅਨ ਨੇਤਾਵਾਂ ਦੀਆਂ ਟਿਪਣੀਆਂ ਸੁਣੀਆਂ ਹਨ। ਅਜਿਹੇ ਬਿਆਨ ਗੈਰ-ਜ਼ਰੂਰੀ ਹੁੰਦੇ ਹਨ, ਉਹ ਵੀ ਓਦੋਂ ਜਦੋਂ ਕਿਸੇ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮੁੱਦਿਆਂ ਨਾਲ ਸਬੰਧਿਤ ਹੋਣ।
ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿੱਚ ਹੋਏ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੇ ਪ੍ਰਤੀਕਰਮ ਦਿੱਤਾ ਹੈ ਅਤੇ ਕਿਹਾ ਹੈ ਕਿ ਕਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਿਤ ਕੀਤਾ ਸੀ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਤੇ ਭਾਸ਼ਣ ਦਿੱਤਾ। ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਜੋ ਖ਼ਬਰਾਂ ਆ ਰਹੀਆਂ ਹਨ ਉਹ ਚਿੰਤਾਜਨਕ ਹਨ। ਸਾਨੂੰ ਤੁਹਾਡੇ ਪਰਿਵਾਰਕ ਮੈਂਬਰਾਂ ਦੀ ਚਿੰਤਾ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਹਮੇਸ਼ਾਂ ਸ਼ਾਂਤਮਈ ਪ੍ਰਦਰਸ਼ਨਾਂ ਦੇ ਹੱਕ ਵਿੱਚ ਹੈ ਅਤੇ ਭਾਰਤ ਵਿੱਚ ਅਜਿਹੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਆਪਣੀ ਗੱਲਬਾਤ ਰੱਖਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਪ੍ਰਸ਼ਾਸਨ ਨਾਲ ਕਈ ਤਰੀਕਿਆਂ ਨਾਲ ਸੰਪਰਕ ਵਿੱਚ ਹਾਂ ਅਤੇ ਆਪਣੀਆਂ ਚਿੰਤਾਵਾਂ ਜ਼ਾਹਿਰ ਕਰ ਰਹੇ ਹਾਂ। ਇਹ ਉਹ ਸਮਾਂ ਹੈ ਜਦੋਂ ਅਸੀਂ ਇਕਜੁੱਟ ਰਹੀਏ।