mumbai bhiwandi building collapse: ਮਹਾਰਾਸ਼ਟਰ ਦੇ ਭਿਵੰਡੀ ਵਿੱਚ ਸੋਮਵਾਰ ਸਵੇਰੇ ਇੱਕ ਰਿਹਾਇਸ਼ੀ ਇਮਾਰਤ ਦੇ ਢਹਿ ਜਾਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਸ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, “ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇਮਾਰਤ ਢਹਿ ਜਾਣ ਦੀ ਘਟਨਾ ਤੋਂ ਮੈਂ ਬਹੁਤ ਦੁਖੀ ਹਾਂ। ਮੈ ਪੀੜਤ ਪਰਿਵਾਰਾਂ ਨਾਲ ਹਮਦਰਦੀ ਰੱਖਦਾ ਹਾਂ। ਮੈਂ ਚਾਹੁੰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।” ਦੱਸ ਦੇਈਏ ਕਿ ਮੁੰਬਈ ਨਾਲ ਲੱਗਦੇ ਭਿਵੰਡੀ ਦੇ ਧਮੰਕਰ ਨਾਕੇ ਨੇੜੇ ਪਟੇਲ ਕੰਪਾਉਂਡ ਖੇਤਰ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਹ ਹਾਦਸਾ ਸੋਮਵਾਰ ਤੜਕੇ 3.30 ਵਜੇ ਵਾਪਰਿਆ।
ਇਸ ਹਾਦਸੇ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਘੱਟੋ ਘੱਟ 35 ਲੋਕ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਹੁਣ ਤੱਕ ਮਲਬੇ ਹੇਠ ਦੱਬੇ 20 ਦੇ ਕਰੀਬ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਸੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢ ਰਹੇ ਸੀ, ਜਿਸ ਤੋਂ ਬਾਅਦ ਐਨਡੀਆਰਐਫ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਜਾਣਕਾਰੀ ਹੈ ਕਿ ਜਿਲਾਨੀ ਨਾਮ ਦੀ ਇਹ ਇਮਾਰਤ 40 ਸਾਲ ਪੁਰਾਣੀ ਸੀ ਅਤੇ ਇਸ ਵਿੱਚ ਲੱਗਭਗ 20 ਪਰਿਵਾਰ ਰਹਿੰਦੇ ਸਨ। ਮਰਨ ਵਾਲਿਆਂ ਦੀ ਗਿਣਤੀ ਵੱਧਣ ਦੀ ਉਮੀਦ ਹੈ।