Narendra singh tomar: ਨਵੀਂ ਦਿੱਲੀ. ਕਿਸਾਨਾਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਸਾਰੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਵਿੱਚ ਸ਼ਾਮਿਲ ਹਜ਼ਾਰਾਂ ਕਿਸਾਨ ਸ਼ੁੱਕਰਵਾਰ ਨੂੰ ਪਾਣੀ ਦੀਆਂ ਬੁਛਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪਾਂ ਦਾ ਸਾਹਮਣਾ ਕਰਨ ਤੋਂ ਬਾਅਦ ਦਿਲੀ ਵਿੱਚ ਦਾਖਲ ਹੋਣੇ ਸ਼ੁਰੂ ਹੋ ਗਏ ਸੀ।ਇਸ ਤੋਂ ਪਹਿਲਾਂ ਦਿਨ ਵਿੱਚ ਤੋਮਰ ਨੇ ਕਿਹਾ ਸੀ ਕਿ, “ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਵਿੱਚ ਅਥਾਹ ( ਬੁਹਤ ਜਿਆਦਾ ) ਸੁਧਾਰ ਹੋਏਗਾ। ਵੱਖ-ਵੱਖ ਕਿਸਾਨ ਸੰਗਠਨਾਂ ਨੂੰ 3 ਦਸੰਬਰ ਨੂੰ ਵਿਚਾਰ ਵਟਾਂਦਰੇ ਲਈ ਬੁਲਾਇਆ ਗਿਆ ਹੈ।
ਤੋਮਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਪ੍ਰਦਰਸ਼ਨ ਖਤਮ ਕਰਕੇ ਗੱਲਬਾਤ ਲਈ ਅੱਗੇ ਆਉਣ। ਖੇਤੀਬਾੜੀ ਮੰਤਰੀ ਨੇ ਕਿਹਾ, ‘ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਲਈ ਤਿਆਰ ਹੈ।” ਇਹ ਐਲਾਨ ਤੋਮਰ ਵੱਲੋਂ ਉਦੋਂ ਕੀਤਾ ਗਿਆ ਜਦੋਂ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਆਉਣ ਦੀ ਆਗਿਆ ਦੇ ਦਿੱਤੀ ਸੀ। ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਬੀਤੀ ਰਾਤ ਸਿੰਘੂ ਸਰਹੱਦ ‘ਤੇ ਲੰਘਾਈ ਹੈ। ਅੱਜ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਜਾਂ ਫਿਰ ਸਿੰਘੂ ਸਰਹੱਦ ‘ਤੇ ਹੀ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਮੈਦਾਨ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜ਼ਾਜ਼ਤ ਦਿੱਤੀ ਗਈ ਹੈ, ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ।