Statement of Prakash Javadekar: ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਨਿਰੰਤਰ ਵਿਰੋਧ ਕਾਰਨ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲ ਸੇਵਾ ਬੰਦ ਕਰ ਦਿੱਤੀ ਹੈ। ਪੰਜਾਬ ਵਿੱਚ ਰੇਲ ਸੇਵਾ ਬੰਦ ਹੋਣ ਕਾਰਨ ਬਲੈਕ ਆਊਟ ਦਾ ਖ਼ਤਰਾ ਵੀ ਵੱਧ ਗਿਆ ਹੈ। ਇਸ ਮੁੱਦੇ ‘ਤੇ, ਸੀਐਮ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ ਅੱਜ ਦਿੱਲੀ ਦੇ ਜੰਤਰ-ਮੰਤਰ’ ਤੇ ਧਰਨਾ ਦਿੱਤਾ। ਇਸ ਤੋਂ ਬਾਅਦ ਹੁਣ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੀ ਸਥਿਤੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਉਹ ਗੱਲਬਾਤ ਰਾਹੀਂ ਕਿਸਾਨਾਂ ਨੂੰ ਯਕੀਨ ਦਿਵਾਉਣ ਅਤੇ ਅੰਦੋਲਨਕਾਰੀ ਕਿਸਾਨਾਂ ਤੋਂ ਪਟੜੀਆਂ ਖ਼ਾਲੀ ਕਰਵਾਉਣ ਵਿੱਚ ਅਸਫਲ ਰਹੀ ਹੈ। ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਖੇਤੀਬਾੜੀ ਕਾਨੂੰਨਾਂ ਤੋਂ ਬਾਅਦ ਬਿਜਲੀ ਨੂੰ ਲੈ ਕੇ ਹੁਣ ਵਿਵਾਦ ਭੱਖਦਾ ਜਾਂ ਰਿਹਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਦਾ ਬਿਆਨ ਇਸ ਵੱਧਦੇ ਵਿਵਾਦ ‘ਤੇ ਆਇਆ ਹੈ। ਕੇਂਦਰੀ ਮੰਤਰੀ ਨੇ ਪੰਜਾਬ ਵਿੱਚ ਰੇਲ ਮਾਰਗ ਲਈ ਰਾਜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਪੰਜਾਬ ਵਿੱਚ 32 ਥਾਵਾਂ ‘ਤੇ ਰੇਲ ਸੇਵਾ ਠੱਪ ਹੋ ਗਈ ਹੈ, ਜਿਸ ਨਾਲ ਮਾਲ ਅਤੇ ਯਾਤਰੀ ਸੇਵਾ ਪ੍ਰਭਾਵਿਤ ਹੋ ਰਹੀ ਹੈ। ਜਾਵਡੇਕਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਸਕਦੀ ਹੈ। ਕੇਂਦਰ ਦਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਦਾ ਜੋ ਵੀ ਬਿਜਲੀ ਕੋਟਾ ਹੈ, ਅਸੀਂ ਉਹ ਵੀ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਹਾਂ।
ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਕਿਸੇ ਵੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹੱਟ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਅਤੇ ਅਨਾਜ ਮੰਡੀਆਂ ਦੇ ਮੁੱਦੇ ‘ਤੇ ਅੰਦੋਲਨ ਕਰ ਰਹੇ ਸਨ, ਪਰ ਅਸਲੀਅਤ ਇਹ ਹੈ ਕਿ ਐਮਐਸਪੀ‘ ਤੇ ਖਰੀਦ ਕੀਤੀ ਜਾ ਰਹੀ ਹੈ ਅਤੇ ਰਾਜ ਦੇ ਕਿਸਾਨਾਂ ਨੇ ਹੁਣ ਤੱਕ 158 ਲੱਖ ਟਨ ਝੋਨਾ ਵੇਚਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੱਗੇ ਵੀ ਐਮਐਸਪੀ ‘ਤੇ ਖਰੀਦ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਨਾ ਚੱਲਣ ਕਾਰਨ ਫੌਜ ਨੂੰ ਸਰਦੀਆਂ ਦੇ ਮੌਸਮ ਵਿੱਚ ਫੌਜੀ ਉਪਕਰਣ ਭੇਜਣ ਵਿੱਚ ਵੀ ਮੁਸ਼ਕਿਲ ਆ ਰਹੀ ਹੈ, ਇਸ ਲਈ ਰਾਜ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣੀ ਚਾਹੀਦੀ ਹੈ ਤਾਂ ਜੋ ਰੇਲ ਗੱਡੀਆਂ ਨੂੰ ਚਲਦਾ ਕੀਤਾ ਜਾ ਸਕੇ।