ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਦਾ ਮਾਹੌਲ ਹੋਰ ਵੀ ਗਰਮਾਉਣ ਵਾਲਾ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ । ਮੁੱਖ ਮੰਤਰੀ ਚੰਨੀ ਵੱਲੋਂ 10 ਦਸੰਬਰ ਨੂੰ ਮਾਨਸਾ ਵਿੱਚ ਰੈਲੀ ਕੀਤੀ ਜਾਣੀ ਹੈ, ਜਿਸਦੇ ਲਈ ਕਾਂਗਰਸੀ ਆਗੂ ਪੱਬਾਂ ਭਾਰ ਹਨ। ਕਾਂਗਰਸੀ ਆਗੂਆਂ ਵੱਲੋਂ 10 ਦਸੰਬਰ ਨੂੰ ਮਾਨਸਾ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ CM ਚੰਨੀ ਦੀ 10 ਦਸੰਬਰ ਨੂੰ ਮਾਨਸਾ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ CM ਚੰਨੀ ਵੱਲੋਂ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਈਆਂ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਔਰਤਾਂ ਅਮਰਜੀਤ ਕੌਰ, ਗੁਰਮੇਲ ਕੌਰ, ਸੁਖਵਿੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਹਾਲੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਜਿਸ ਕਾਰਨ ਰੋਸ ਵਜੋਂ ਉਨ੍ਹਾਂ ਵੱਲੋਂ ਇਸ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਸਾਲ 2022 ਦੀਆਂ ਚੋਣਾਂ ਸਬੰਧੀ ਸਿਆਸੀ ਪਾਰਟੀਆਂ ਵੱਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾ ਰਹੇ ਹਨ। ਸਿਆਸੀ ਪਾਰਟੀਆਂ ਲੋਕਾਂ ਨਾਲ ਅਲੱਗ-ਅਲੱਗ ਵਾਅਦੇ ਕਰ ਕੇ ਉਨ੍ਹਾਂ ਨੂੰ ਆਪਣੇ ਵੱਲ ਖਿੱਚਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: