Captain directs DGP : ਹੁਸ਼ਿਆਰਪੁਰ ‘ਚ 6 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਘਟਨਾ ਦੱਸਿਆ। ਹਾਲਾਂਕਿ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਫਿਰ ਵੀ ਮੁੱਖ ਮੰਤਰੀ ਵੱਲੋਂ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਹੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਚਲਾਨ ਨੂੰ ਜਲਦੀ ਪੇਸ਼ ਕੀਤਾ ਜਾਵੇ। ਅਦਾਲਤ ਦੁਆਰਾ ਦੋਸ਼ੀਆਂ ਨੂੰ ਜਲਦੀ ਸੁਣਵਾਈ ਅਤੇ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਜਾਵੇ।
ਭਾਵੇਂ ਪੁਲਿਸ ਵੱਲੋਂ CCTV ਫੁਟੇਜ ਦੇ ਆਧਾਰ ‘ਤੇ ਦੋਸ਼ੀ ਨੂੰ ਤਾਂ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਵਿਖੇ ਵਾਪਰੀ ਇਸ ਦਿਲ ਕੰਬਾਊਂ ਘਟਨਾ ਤੋਂ ਬਹੁਤ ਜ਼ਿਆਦਾ ਦੁਖੀ ਤੇ ਪ੍ਰੇਸ਼ਾਨ ਹਨ। ਉਨ੍ਹਾਂ ਨੇ DGP ਨੂੰ ਇਸ ਮਾਮਲੇ ‘ਚ ਹਦਾਇਤਾਂ ਦਿੱਤੀਆਂ ਹਨ ਤੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਜਲਦ ਹੀ ਚਾਲਾਨ ਪੇਸ਼ ਕੀਤਾ ਜਾਵੇ ਤੇ ਮੁਲਜ਼ਮ ਖਿਲਾਫ ਫਾਸਟ ਟ੍ਰਾਇਲ ਚਲਾ ਕੇ ਸਜ਼ਾ ਦਿੱਤੀ ਜਾਵੇ।
ਕੈਪਟਨ ਵੱਲੋਂ 7 ਜੂਨ 2019 ਨੂੰ ਜਬਰ ਜਨਾਹ ਮਾਮਲੇ ‘ਚ ਜਲਦੀ ਕਾਰਵਾਈ ਕਰਨ ਲਈ ਹਾਈਕੋਰਟ ਦੇ ਚੀਫ ਜਸਟਿਸ ਨੂੰ ਚਿੱਠੀ ਲਿਖੀ ਗਈ ਸੀ ਤੇ ਕਿਹਾ ਗਿਆ ਸੀ ਇਨ੍ਹਾਂ ਮਾਮਲਿਆਂ ‘ਚ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਪੀੜਿਤ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਤੇ ਫੈਸਲਾ ਜਲਦ ਹੋ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਟਾਂਡਾ ਦੇ ਪਿੰਡ ਜਲਾਲਪੁਰ ਵਿਖੇ 6 ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ।