CM Captain Will Meet : ਪ੍ਰਸ਼ਾਸਨ ਵੀ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਵਿਸ਼ੇਸ਼ ਬੈਠਕ ਕਰਨ ਜਾ ਰਹੇ ਹਨ। ਇਸ ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਵੀ ਮਾਮਲੇ ਅਤੇ ਕੋਰੋਨਾ ਵਾਇਰਸ ਕਾਰਨ ਖਰਾਬ ਹੋ ਰਹੇ ਹਲਾਤਾਂ ‘ਤੇ ਚਰਚਾ ਕਰੇ ਸਕਦੇ ਹਨ। ਜ਼ਿਕਰਯੋਗ ਹੈ ਕੇ ਹਾਈ ਕੋਰਟ ਵਿੱਚ ਐਸਆਈਟੀ ਦੀ ਰਿਪੋਰਟ ਰੱਦ ਹੋਣ ਤੋਂ ਬਾਅਦ, ਪੰਜਾਬ ਕਾਂਗਰਸ ਦੀ ਸਿਰਦਰਦੀ ਵੱਧ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੇਅਦਵੀ ਦੇ ਮਾਮਲੇ ‘ਤੇ ਵਿਧਾਇਕਾਂ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ ਸੀ। ਉੱਥੇ ਕੋਰੋਨਾ ਦੇ ਸੰਕਰਮਣ ਦਾ ਕਹਿਰ ਰੁਕਦਾ ਨਜ਼ਰ ਨਹੀਂ ਆ ਰਿਹਾ। ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਦੇਸ਼ ਵਿੱਚ ਦੂਜੀ ਵਾਰ ਇੱਕੋ ਦਿਨ ਵਿੱਚ ਚਾਰ ਲੱਖ ਤੋਂ ਜ਼ਿਆਦਾ ਕੋਰੋਨਾ ਦੇ ਕੇਸ ਦਰਜ ਹੋਏ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਪਿੱਛਲੇ 24 ਘੰਟਿਆਂ ਵਿੱਚ 412,262 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 3980 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਦੌਰਾਨ ਪੰਜਾਬ ਦੇ ਵਿੱਚ ਵੀ ਕੋਰੋਨਾ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਵਿੱਚ ਸੰਕਰਮਣ ਦੇ ਰਿਕਾਰਡ 8015 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਇੱਕ ਦਿਨ ਵਿੱਚ 182 ਪੀੜਤ ਮਰੀਜ਼ਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। 240 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜੋ ਵੈਂਟੀਲੇਟਰ ‘ਤੇ ਰੱਖੇ ਗਏ ਹਨ। 8457 ਸੰਕਰਮਿਤ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ਕਾਰਨ ਆਕਸੀਜਨ ਸਹਾਇਤਾ ‘ਤੇ ਰੱਖਿਆ ਗਿਆ ਹੈ। ਪੰਜਾਬ ਵਿੱਚ ਸਿਹਤ ਵਿਭਾਗ ਦੇ ਅਨੁਸਾਰ ਸੂਬੇ ਵਿੱਚ ਇਸ ਵੇਲੇ 63007 ਸਰਗਰਮ ਕੇਸ ਹਨ। ਸੂਬੇ ਵਿੱਚ ਹੁਣ ਤੱਕ 9825 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।