ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਸਿੱਖ ਸ਼ਰਧਾਲੂਆਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ । ਇਹ ਘਟਣ ਉਸ ਸਮੇਂ ਵਾਪਰੀ ਹੈ ਜਦੋਂ ਪੰਜਾਬ ਵਿੱਚ ਚੋਣਾਂ ਬਹੁਤ ਨੇੜੇ ਹਨ। ਜਿਸ ਕਾਰਨ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਏਡੀਜੀਪੀ ਨੇ ਸਾਰੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ CM ਚੰਨੀ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ । ਉਨ੍ਹਾਂ ਵੱਲੋਂ ਪੁਲਿਸ ਨੂੰ ਜਾਂਚ ਦੇ ਹੁਕਮ ਦਿੰਦਿਆਂ ਇਸ ਘਿਨਾਉਣੇ ਕੰਮ ਦੇ ਕਾਰਨਾਂ ਦਾ ਪਤਾ ਲਗਾਉਣ ਤੇ ਇਸ ਪਿੱਛੇ ਅਸਲ ਸਾਜ਼ਿਸ਼ ਦਾ ਪਤਾ ਲਗਾਉਣ ਲਈ ਕਿਹਾ ਹੈ । ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਜਲਦ ਹੀ ਸਾਰੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।
ਇਹ ਵੀ ਪੜ੍ਹੋ: ਇੱਕ ਹੋਰ ਬੇਅਦਬੀ ਦੀ ਕੋਸ਼ਿਸ਼, ਕਪੂਰਥਲਾ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਸ਼ਖ਼ਸ
ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ । ਜਿਸ ਦੇ ਮੱਦੇਨਜ਼ਰ ਸਾਰੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਆਪਣੇ ਇਲਾਕੇ ਵਿੱਚ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ ਨੂੰ ਵੀ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਗਿਆ ਹੈ। ਇੰਟੈਲੀਜੈਂਸ ਵਿੰਗ ਦੇ ਸਾਰੇ ਏਆਈਜੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖਣ ਤੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਨੂੰ ਸੂਚਨਾ ਭੇਜਣ ।
ਵੀਡੀਓ ਲਈ ਕਲਿੱਕ ਕਰੋ -: