CM expressed his condolences: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਰਾਸ਼ਟਰੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੋਰੋਨਾ ਮਹਾਂਮਾਰੀ ਨਾਲ ਲੜਨ ਤੋਂ ਬਾਅਦ ਉਸ ਦਾ ਐਤਵਾਰ ਸ਼ਾਮ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੇ ਪਤੀ, ਇਕ ਬੇਟਾ ਅਤੇ ਤਿੰਨ ਧੀਆਂ ਛੱਡ ਗਈ ਹੈ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਨੂੰ ਸ਼ਾਂਤੀ ਵਿੱਚ ਰਹਿਣ ਦੀ ਅਰਦਾਸ ਕੀਤੀ।
ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨੂੰ ਹੌਂਸਲਾ ਬਖ਼ਸ਼ਣ ਦੀ ਅਰਦਾਸ ਕੀਤੀ।
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਡਣੇ ਸਿੱਖ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਲੀਬਾਲ ਦੀ ਖਿਡਾਰੀ ਰਹੀ ਨਿਰਮਲਾ ਮਿਲਖਾ ਸਿੰਘ ਕੋਰੋਨਾ ਪੀੜਤ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖਲ ਸੀ, ਜਿਥੇ ਅੱਜ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ਵੀ ਕੋਰੋਨਾ ਤੋਂ ਪੀੜਤ ਪਾਏ ਜਾਣ ‘ਤੇ ਪੀ.ਜੀ.ਆਈ. ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ। ਆਪਣੇ ਸੋਗ ਸੰਦੇਸ਼ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਨਿਰਮਲਾ ਮਿਲਖਾ ਸਿੰਘ ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।